
ਪਿੰਡ ਪਚਰੰਗਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਹੋ ਗਈ ਸੀ ਮੌਤ
ਜਲੰਧਰ, 28 ਸਤੰਬਰ 2021
ਬੀਤੇ ਦਿਨੀਂ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਪਚਰੰਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੇ ਪਤੀ ਅਤੇ ਦੋ ਬੱਚਿਆਂ ਨੂੰ ਗੁਆ ਦੇਣ ਵਾਲੀ ਔਰਤ ਅਤੇ ਉਸ ਦੇ ਪੁੱਤਰ ਦੀ ਮਦਦ ਲਈ ਅੱਗੇ ਆਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਪੀੜਤ ਮਾਂ-ਪੁੱਤਰ ਨੂੰ ਇਲਾਜ ਦੇ ਖਰਚੇ ਲਈ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।
ਹੋਰ ਪੜ੍ਹੋ :-ਕੁਰਸੀ ਲਈ ਪੰਜਾਬ ਅਤੇ ਪੰਜਾਬੀਆਂ ਦੀ ਬੇਇਜ਼ਤੀ ਕਰ ਰਹੇ ਹਨ ਕਾਂਗਰਸੀ: ਭਗਵੰਤ ਮਾਨ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ, ਜੋ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜਸਵੀਰ ਕੌਰ ਵਾਸੀ ਪਿੰਡ ਜੌੜਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਤੀ ਸੰਦੀਪ ਕੁਮਾਰ (35) ਅਤੇ ਦੋ ਬੱਚਿਆਂ ਜੀਵਿਕਾ (4) ਤੇ ਸਮਰ (2) ਦੀ ਕੁਝ ਦਿਨ ਪਹਿਲਾਂ ਸਕੂਟਰ ‘ਤੇ ਪਿੰਡ ਸੱਕਰਪੁਰ (ਨੇੜੇ ਭੋਗਪੁਰ) ਤੋਂ ਆਪਣੇ ਪਿੰਡ ਜੌੜਾ ਜ਼ਿਲ੍ਹਾ ਹੁਸ਼ਿਆਪੁਰ ਨੂੰ ਜਾਂਦੇ ਹੋਏ ਪਿੰਡ ਪਚਰੰਗਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਦਕਿ ਜਸਵੀਰ ਕੌਰ ਅਤੇ ਉਸ ਦਾ ਵੱਡਾ ਲੜਕਾ ਗੈਰੀ ਇਸ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ।
ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜਸਵੀਰ ਕੌਰ ਅਤੇ ਉਸ ਦੇ ਪੁੱਤਰ ਨੂੰ ਇਲਾਜ ਦੇ ਖਰਚੇ ਲਈ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਭੋਗਪੁਰ ਨਜ਼ਦੀਕ ਇਕ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਸੁਸਾਇਟੀ ਦੇ ਸਕੱਤਰ ਸ਼੍ਰੀ ਇੰਦਰਦੇਵ ਵੱਲੋਂ ਹਸਪਤਾਲ ਪਹੁੰਚ ਕੇ ਜਸਵੀਰ ਕੌਰ ਨੂੰ ਵਿੱਤੀ ਸਹਾਇਤਾ ਦਾ ਚੈਕ ਸੌਂਪਿਆ ਗਿਆ।
ਜ਼ਿਕਰਯੋਗ ਹੈ ਕਿ ਸੜਕ ਹਾਦਸੇ ਦਾ ਸ਼ਿਕਾਰ ਹੋਏ ਗਰੀਬ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਵਾਲਾ ਸੰਦੀਪ ਕੁਮਾਰ ਹੀ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਹਮੇਸ਼ਾ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਅਜਿਹੀਆਂ ਕੋਸ਼ਿਸ਼ਾਂ ਨਾਲ ਸਮਾਜ ਦੇ ਮਹਿਰੂਮ ਅਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਭਰੋਸਾ ਦਿਵਾਇਆ।