ਡਿਪਟੀ ਕਮਿਸ਼ਨਰ ਨੇ ਲਗਾਤਾਰ ਪੈ ਰਹੀ ਬਾਰਸ਼ ਕਾਰਨ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਲਿਆ ਜਾਇਜ਼ਾ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਕਿਹਾ, ਮੁਹਾਲੀ ਪ੍ਰਸ਼ਾਸਨ ਘੱਗਰ ਦੇ ਨੀਵੇਂ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
ਨਿਕਾਸੀ ਕੇਂਦਰ ਭੋਜਨ, ਚਾਰਾ ਅਤੇ ਹੋਰ ਜ਼ਰੂਰੀ ਚੀਜ਼ਾਂ ਨਾਲ ਤਿਆਰ
ਐਸ.ਏ.ਐਸ. ਨਗਰ, 28 ਜੁਲਾਈ 2021
ਘੱਗਰ ਦੇ ਪਾਣੀ ਦਾ ਵਹਾਅ ਸੱਤ ਫੁੱਟ ਦੇ ਨਿਸ਼ਾਨ ਨੂੰ ਛੂਹਣ ਤੋਂ ਬਾਅਦ ਡਿਪਟੀ ਕਮਿਸ਼ਨਰ ਐਸ.ਏ.ਐੱਸ. ਨਗਰ ਗਿਰੀਸ਼ ਦਿਆਲਨ ਨੇ ਅੱਜ ਨਦੀ ਦੇ ਨੀਵੇਂ ਇਲਾਕਿਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਕਿਉਂਕਿ ਅਜੇ ਇਸ ਤੋਂ ਵੀ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੇ ਹਰ ਸਮੇਂ ਚੌਕਸ ਰਹਿਣ ਦੀ ਗੱਲ ਆਖਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਦੀ ਨਿਗਰਾਨੀ ਲਈ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਫਲੱਡ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਹੈ ਅਤੇ ਜ਼ਰੂਰੀ ਚੀਜ਼ਾਂ ਨਾਲ ਲੈਸ ਨਿਕਾਸੀ ਕੇਂਦਰ ਕਿਸੇ ਵੀ ਸਥਿਤੀ ਲਈ ਤਿਆਰ ਹਨ। ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਹੇਗਾ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਤ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਹੜ੍ਹ ਦੀ ਸੰਭਾਵਨਾ ਦੌਰਾਨ ਨੁਕਸਾਨ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤੀ ਮੌਸਮ ਦੇ ਮੱਦੇਨਜ਼ਰ ਹਰ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਸਬ ਡਿਵੀਜ਼ਨਲ ਮੈਜਿਸਟਰੇਟ (ਐਸ.ਡੀ.ਐਮ.) ਡੇਰਾਬੱਸੀ ਨੂੰ ਕਿਹਾ ਕਿ ਉਹ ਚੌਕਸ ਰਹਿਣ ਅਤੇ ਘੱਗਰ ਦੇ ਹੇਠਲੇ ਇਲਾਕਿਆਂ ਪ੍ਰਤੀ ਸੁਚੇਤ ਰਹਿਣ, ਹੜ੍ਹ ਦੀ ਸਥਿਤੀ ਵਿੱਚ ਇਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਨਿਕਾਸੀ ਕੇਂਦਰਾਂ ਨੂੰ ਤਿਆਰ ਰੱਖਣ, ਜਿੱਥੇ ਸਾਰੇ ਲੋੜੀਂਦੇ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਇਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਸ੍ਰੀ ਦਿਆਲਨ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖੁਰਾਕ ਅਤੇ ਸਪਲਾਈ, ਸਿੰਜਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਇਕ ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸਬ ਡਿਵੀਜ਼ਨਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਸਮਾਂਬੱਧ ਆਧਾਰ ਉਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਸਬੰਧੀ ਇਕ ਵਿਸਥਾਰਤ ਰਿਪੋਰਟ ਉਨ੍ਹਾਂ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕਰਨਾ ਲਾਜ਼ਮੀ ਹੈ।

Spread the love