ਡੀ.ਸੀ. ਵੱਲੋਂ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਸਲੇਮ ਟਾਬਰੀ ਦਾ ਕੀਤਾ ਦੌਰਾ

DC
ਡੀ.ਸੀ. ਵੱਲੋਂ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਸਲੇਮ ਟਾਬਰੀ ਦਾ ਕੀਤਾ ਦੌਰਾ
ਅਨਾਜ ਮੰਡੀਆਂ ‘ਚ ਹੁਣ ਤੱਕ 11886 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ

ਲੁਧਿਆਣਾ, 05 ਅਕਤੂਬਰ  2021

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਪ-ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮਜ਼) ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਅਨਾਜ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਨ ਤਾਂ ਜੋ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਹੋਰ ਪੜ੍ਹੋ :-ਨਵਜੋਤ ਸਿੰਘ ਮਾਹਲ ਨੇ ਐਸਐਸਪੀ ਮੋਹਾਲੀ ਵਜੋਂ ਚਾਰਜ ਸੰਭਾਲਿਆ

ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਸਲੇਮ ਟਾਬਰੀ ਅਨਾਜ ਮੰਡੀ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ ਅਤੇ ਬਿਨ੍ਹਾਂ ਕਿਸੇ ਦੇਰੀ ਚੁੱਕਿਆ ਵੀ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਤੱਕ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਜਿੱਥੇ 11886 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਓਥੇ ਕਿਸਾਨਾਂ ਨੂੰ 4.20 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਅਨਾਜ ਦੀ ਢੁੱਕਵੀਂ ਲਿਫਟਿੰਗ ਲਈ ਵੀ ਸਰਬੋਤਮ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਕਿਹਾ ਕਿ ਰਾਜ ਸਰਕਾਰ ਖਰੀਦ ਦੇ 48 ਘੰਟਿਆਂ ਦੇ ਅੰਦਰ ਝੋਨੇ ਦੀ ਲਿਫਟਿੰਗ ਲਈ ਪਹਿਲਾਂ ਹੀ ਇੱਕ ਪ੍ਰਭਾਵਸ਼ਾਲੀ ਵਿਧੀ ਤਿਆਰ ਕਰ ਚੁੱਕੀ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੇ ਵੀ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਨੂੰ ਅਨਾਜ ਦੀ ਅਦਾਇਗੀ ਵੀ ਇੱਕ ਨਿਰਧਾਰਤ ਸਮੇਂ ਦੇ ਅੰਦਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਅਨਾਜ ਮੰਡੀਆਂ ਵਿੱਚ ਆਪਣੀ ਉਪਜ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਸ਼ਰਮਾ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਸ਼ੈੱਡ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਉਪਕਰਣ ਸਮੇਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 108 ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, ਪ੍ਰਸਾਸ਼ਨ ਨੇ 94 ਆਰਜ਼ੀ ਯਾਰਡ ਅਤੇ ਮਿੱਲਾਂ ਵਿੱਚ 203 ਮੰਡੀ ਯਾਰਡਾਂ ਦੀ ਵੀ ਨਿਸ਼ਾਨਦੇਹੀ ਕੀਤੀ ਹੈ ਤਾਂ ਜੋ ਮੰਡੀਕਰਨ ਦੌਰਾਨ ਸਮਾਜਕ ਦੂਰੀ ਬਣਾਈ ਰੱਖਣ ਲਈ ਮੰਡੀਆਂ ਵਿੱਚ ਭੀੜ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਮੀ ਰਹਿਤ ਅਨਾਜ ਮੰਡੀ ਵਿੱਚ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਸਾੜ੍ਹਨ ਤੋਂ ਪ੍ਰਹੇਜ਼ ਕਰਨ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖ਼ਤਰਾ ਪੈਦਾ ਹੁੰਦਾ ਹੈ।

ਕਿਸਾਨਾਂ ਨਾਲ ਗੱਲਬਾਤ ਦੌਰਾਨ, ਉਨ੍ਹਾਂ ਖਰੀਦ ਕਾਰਜਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਖੁੱਲ ਕੇ ਦੱਸਿਆ ਜਾਵੇ ਤਾਂ ਜੋ ਉਸਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਮ.ਓ ਦਵਿੰਦਰ ਸਿੰਘ, ਡੀ.ਐਫ.ਐਸ.ਸੀ. ਹਰਵੀਨ ਕੌਰ ਅਤੇ ਹੋਰ ਵੀ ਹਾਜ਼ਰ ਸਨ।

Spread the love