27 ਜੂਨ ਤੋਂ 1 ਜੁਲਾਈ ਤੱਕ, 1.63 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ
ਲੁਧਿਆਣਾ, 21 ਜੂਨ 2021 ਜਿਵੇਂ ਕਿ ਪਲਸ ਪੋਲੀਓ ਮੁਹਿੰਮ ਦਾ ਸਬ-ਨੈਸ਼ਨਲ ਟੀਕਾਕਰਨ ਗੇੜ 27 ਜੂਨ ਤੋਂ 1 ਜੁਲਾਈ, 2021 ਤੱਕ ਸ਼ੁਰੂ ਹੋਣ ਜਾ ਰਿਹਾ ਹੈ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਸ ਨੂੰ ਸਫਲ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ ਜਿਸ ਵਿੱਚ 0-5 ਸਾਲ ਤੱਕ ਦੀ ਉਮਰ ਦੇ 163162 ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਨੇੜੇ ਦੇ ਪੋਲੀਓ ਬੂਥਾਂ ਵਿੱਚ ਪੋਲੀਓ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਸਿਹਤ ਵਿਭਾਗ ਨੇ ਕੁੱਲ 777 ਟੀਮਾਂ ਗਠਿਤ ਕੀਤੀਆਂ ਹਨ ਜਿਨਾਂ ਵਿੱਚ ਪੇਂਡੂ ਖੇਤਰਾਂ ਵਿੱਚ 405 ਅਤੇ ਸ਼ਹਿਰੀ ਖੇਤਰਾਂ ਵਿੱਚ 372 ਟੀਮਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ 194 ਸੁਪਰਵਾਈਜ਼ਰ ਕਰਨਗੇ ਅਤੇ ਇਹ ਕੁੱਲ 413494 ਘਰਾਂ ਦਾ ਦੌਰਾ ਕਰਨਗੇ ਜ਼ਿਨ੍ਹਾਂ ਵਿੱਚ 192436 ਪਿੰਡਾਂ ਵਿੱਚ ਹਨ ਅਤੇ 221058 ਘਰ ਸ਼ਹਿਰੀ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਟੀਮਾਂ ਅਰਧ ਸ਼ਹਿਰੀ ਖੇਤਰਾਂ, ਝੁੱਗੀਆਂ, ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਉਂਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਭਾਰਤ ਨੂੰ ਪੋਲੀਓ ਮੁਕਤ ਘੋਸ਼ਿਤ ਕੀਤਾ ਗਿਆ ਹੈ ਪਰ ਗੁਆਂਢੀ ਮੁਲਕਾਂ, ਜਿਵੇਂ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਕੁਝ ਪੋਲੀਓ ਦੇ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਕਿਹਾ ਕਿ ਝੁੱਗੀਆਂ-ਝੌਂਪੜੀਆਂ ਅਤੇ ਇੱਟਾਂ ਦੇ ਭੱਠਿਆਂ ‘ਤੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਤੌਰ ‘ਤੇ ਦੱਸਿਆ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਟੀਮਾਂ ਦਾ ਸਹਿਯੋਗ ਕਰਨ।