ਫਿਰੋਜ਼ਪੁਰ, 29 ਮਾਰਚ 2022
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਵਿਭਾਗਾਂ ਦੀਆਂ ਵੱਖ-ਵੱਖ ਪ੍ਰਕਾਰ ਦੀਆਂ ਵਿਕਾਸ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ਵਿੱਚ ਸਿਹਤ ਵਿਭਾਗ ਵੱਲੋਂ ਬਲਾਕ ਪੱਧਰੀ ਸਿਹਤ ਮੇਲੇ ਆਯੋਜਿਤ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਏ.ਡੀ.ਸੀ. (ਵਿਕਾਸ) ਅਮਰਦੀਪ ਸਿੰਘ ਗੁਜਰਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ ਰਾਜਿੰਦਰ ਅਰੋੜਾ, ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ।
ਹੋਰ ਪੜ੍ਹੋ :-ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ
ਇਸ ਮੌਕੇ ਸਿਵਲ ਸਰਜਨ ਡਾ ਅਰੋੜਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 18 ਅਪਰੈਲ ਤੋਂ 21 ਅਪਰੈਲ ਤੱਕ ਬਲਾਕ ਪੱਧਰ ਦੇ ਸਿਹਤ ਮੇਲੇ ਆਯੋਜਿਤ ਕੀਤੇ ਜਾਣੇ ਹਨ ਅਤੇ ਇਨ੍ਹਾਂ ਮੇਲਿਆਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁੱਫਤ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਮਰੀਜ਼ਾਂ ਦੇ ਮੁੱਫਤ ਟੈਸਟ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਇਸ ਸਿਹਤ ਮੇਲੇ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸ਼ਮੂਲੀਅਤ ਕਰ ਕੇ ਲੋਕ ਭਲਾਈ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।
ਇਸ ਅਵਸਰ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਨੇ ਵੱਖ-ਵੱਖ ਵਿਭਾਗਾਂ ਨੂੰ ਆਪਣਾ ਬਣਦਾ ਯੋਗਦਾਨ ਦੇਣ ਲਈ ਆਖਿਆ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੰਭਵ ਸਹਿਯੋਗ ਅਤੇ ਯੋਗਦਾਨ ਦੇਣ ਲਈ ਅਪੀਲ ਕੀਤੀ।
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਐਸ.ਐਮ.ਓ ਡਾ ਵਨੀਤਾ ਭੁੱਲਰ, ਡਾ ਸੰਦੀਪ ਗਿੱਲ, ਡਾ ਬਲਕਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ ਅਤੇ ਵਿਕਾਸ ਕਾਲੜਾ ਆਦਿ ਹਾਜ਼ਰ ਸਨ।