ਐਸ.ਏ.ਐਸ ਨਗਰ 22 ਸਤੰਬਰ 2022
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਇਸ ਸਾਲ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 2,95,634 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 9784 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1739 ਚਲਾਨ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਕਈ ਘਰਾਂ ਵਿਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਚੇਤਾਵਨੀ ਦਿਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ’ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 316 ਕੇਸ ਮਿਲੇ ਹਨ। ਡਾ. ਆਦਰਸ਼ਪਾਲ ਕੌਰ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 941394 ਕੰਟੇਨਰ ਚੈੱਕ ਕੀਤੇ ਗਏ ਅਤੇ 12839 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ।
ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ, ਇਸ ਲਈ ਅਕਤੂਬਰ ਤੇ ਨਵੰਬਰ ਮਹੀਨਿਆਂ ਦੌਰਾਨ ਵੀ ਅਵੇਸਲੇ ਨਾ ਰਿਹਾ ਜਾਵੇ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕਿ ਮੱਛਰ ਦਾ ਖ਼ਾਤਮਾ ਹੋ ਸਕੇ।
ਡਾ. ਆਦਰਸ਼ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਆਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਅਜਿਹੇ ਕੱਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਰਹੇ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।