ਐਸ.ਏ.ਐਸ. ਨਗਰ 16 ਮਈ 2022
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਵਿਕਾਸ ਭਵਨ ਮੁਹਾਲੀ ਵਿਖੇ ਪੇਂਡੂ ਵਿਕਾਸ ਵਿਭਾਗ ਵਿਚ ਨਵ-ਨਿਯੁਕਤ ਉਪ ਮੰਡਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਹੋਰ ਪੜ੍ਹੋ :-ਜ਼ਿਲਾ ਮੈਜਿਸਟ੍ਰੇਟ ਵੱਲੋਂ ਪਲਾਸਟਿਕ ਲਿਫ਼ਾਫੇ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋਂ ’ਤੇ ਪਾਬੰਦੀ
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਆਪਣੀ ਜਿੰਦਗੀ ਵਿੱਚ ਕੋਈ ਨਾ ਕੋਈ ਟੀਚਾ ਜ਼ਰੂਰ ਮਿੱਥਣਾ ਚਾਹੀਦਾ ਹੈ ਅਤੇ ਟੀਚਾ ਪ੍ਰਾਪਤ ਹੋਣ ਤੱਕ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨਵ ਨਿਯੁਕਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਨਵ ਨਿਯੁਕਤ ਕੀਤੇ ਉਪ ਮੰਡਲ ਅਫਸਰ ਆਪਣੀ ਸਖਤ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣੇ ਵਿਭਾਗ ਨੂੰ ਬੁਲੰਦੀ `ਤੇ ਲਿਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੂਰੀ ਯਤਨਸ਼ੀਲ ਹੈ।ਉਨਾਂ ਕਿਹਾ ਕਿ ਉਨਾਂ ਦੀ ਪਾਰਟੀ ਦੀ ਸਰਕਾਰ ਬਣਦਿਆਂ ਦੂਜੇ ਮਹੀਨੇ ਹੀ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਾਰੇ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਦੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਰਕਾਰੀ ਨੌਕਰੀਆਂ ਲਈ ਹੋਰ ਵੱਡੇ ਪੱਧਰ ‘ਤੇ ਭਰਤੀ ਕੀਤੀ ਜਾਵੇਗੀ।
ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਚਲਾਈ ਗਈ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਆਪ ਮੁਹਾਰੇ ਸਵੈ ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਬਿਨਾਂ ਭੇਦਭਾਵ ਦੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਲੋਕਾਂ ਦਾ ਵੀ ਭਰਪੂਰ ਹੁੰਗਾਰਾ ਮਿਲ ਰਿਹਾ ਹੈ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਸਾਲ ਪਹਿਲੀ ਬਾਰ ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦੇ ਇਜ਼ਲਾਸ ਕਰਵਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਅਮਿਤ ਕੁਮਾਰ, ਜੇ. ਡੀ. ਸੀ. ਕਮ ਵਿਸੇਸ਼ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵਿਭਾਗ ਦੇ ਹੋਰ ਸੀਨੀਅਰ ਅਫਸਰ ਵੀ ਮੌਜੂਦ ਸਨ।