ਖੇਤੀਬਾੜੀ ਵਿਭਾਗ ਵੱਲੋਂ ਕੈਂਪਾਂ ਰਾਹੀਂ ਜਾਗਰੂਕਤਾ ਜਾਰੀ
ਬਰਨਾਲਾ, 24 ਮਈ 2022
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਰਿਵਾਇਤੀ ਢੰਗ ਨਾਲ ਕਰਨ ਦੀ ਬਜਾਏ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਦਾ ਸੱਦਾ ਦਿੱਤਾ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।
ਹੋਰ ਪੜ੍ਹੋ :-ਵਿਧਾਇਕ ਬੱਗਾ ਦੀ ਪਹਿਲਕਦਮੀ ਤਹਿਤ ਨਿਗਮ ਪ੍ਰਸ਼ਾਸ਼ਨ ਪੱਬਾ ਭਾਰ
ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੀਆਂ ਅਜਿਹੀਆਂ ਤਕਨੀਕਾਂ ਅਪਨਾਉਣ ਦੀ ਜ਼ਰੂਰਤ ਹੈ, ਜਿਸ ਨਾਲ ਪਾਣੀ ਦੀ ਘੱਟ ਖ਼ਪਤ ਹੋਵੇ। ਉਨਾਂ ਕਿਹਾ ਕਿ ਮਾਹਿਰਾਂ ਅਨੁਸਾਰ ਕੁੱਦੂ ਨਾ ਕਰਨ ਨਾਲ ਪਾਣੀ ਦੀ ਰੀਚਾਰਜਿੰਗ ਵਿੱਚ 10-12 ਫੀਸਦੀ ਦਾ ਵਾਧਾ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 10-20 ਫ਼ੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਪਨੀਰੀ ਪੁੱਟ ਕੇ ਲਗਾਉਣ ’ਤੇ ਲੱਗਦੀ ਲੇਬਰ ਦੀ ਵੀ ਬੱਚਤ ਹੁੰਦੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਇਸ ਦਾ ਲਾਭ ਲੈਣ ਲਈ ਝੋਨੇ ਦੀ ਬਿਜਾਈ ਲਈ ਡੀ.ਐਸ.ਆਰ. ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਉਨਾਂ ਜ਼ਿਲੇ ਦੇ ਸਮੂਹ ਸਰਪੰਚਾਂ/ਨੰਬਰਦਾਰਾਂ ਅਪੀਲ ਕੀਤੀ ਕਿ ਆਪਣੇ ਪਿੰਡ ਵਿੱਚ ਪੰਜਾਬ ਸਰਕਾਰ ਦੀ ਇਸ ‘ਪਾਣੀ ਬਚਾਓ ਮੁਹਿੰਮ’ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪਿੰਡ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ। ਉਨਾਂ ਦੱਸਿਆ ਕਿ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ, ਜਿਸ ਦੌਰਾਨ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਬਲਬੀਰ ਚੰਦ ਨੇ ਦੱਸਿਆ ਕਿ ਨਿਰਧਾਰਿਤ ਸਮੇਂ ’ਤੇ ਹੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਦੱਸਿਆ ਕਿ ਤਰ ਵੱਤਰ ਖੇਤ ਵਿਚ ਬਿਜਾਈ ਕਰਕੇ ਪਹਿਲਾ ਪਾਣੀ ਬਿਜਾਈ ਤੋਂ ਤਿੰਨ ਹਫਤੇ ਬਾਅਦ ਦਿਓ। ਇਸ ਨਾਲ ਘੱਟ ਸਿੰਜਾਈ ਦੀ ਲੋੜ ਪੈਂਦੀ ਹੈ।