ਘਰਾਂ ਵਿਚ ਡੇਂਗੂ ਦਾ ਲਾਰਵਾ ਮਿਲਣ ’ਤੇ ਕੱਟੇ ਜਾਣਗੇ ਚਲਾਨ
.ਨਵਾਂਸ਼ਹਿਰ, 9 ਅਕਤੂਬਰ 2021
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲੇ ਵਿਚ ਡੇਂਗੂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਵੱਲੋਂ ਜਿਥੇ ਲਗਾਤਾਰ ਫੌਗਿੰਗ ਦੇ ਆਦੇਸ਼ ਦਿੱਤੇ ਗਏ ਹਨ, ਉਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਟੈਸਟਿੰਗ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਡੇਂਗੂ ਦੇ ਮਰੀਜ਼ਾਂ ਲਈ 20 ਬੈੱਡ ਰਾਖਵੇਂ ਰੱਖੇ ਗਏ ਹਨ, ਜਿਥੇ ਫਿਲਹਾਲ ਕੋਈ ਮਰੀਜ਼ ਦਾਖ਼ਲ ਨਹੀਂ ਹੈ।
ਹੋਰ ਪੜ੍ਹੋ :-ਡੱਬਵਾਲਾ ਕਲਾਂ ਵਿੱਚ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ
ਉਨਾਂ ਕਿਹਾ ਕਿ ਇਸੇ ਤਰਾਂ ਜ਼ਿਲੇ ਦੇ ਹੋਰਨਾਂ ਸਿਹਤ ਕੇਂਦਰਾਂ ਵਿਚ ਵੀ ਡੇਂਗੂ ਦੇ ਮਰੀਜ਼ਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ। ਉਨਾਂ ਕਿਹਾ ਕਿ ਸਮੂਹ ਪ੍ਰਾਈਵੇਟ ਹਸਪਤਾਲਾਂ ਨੂੰ ਡੇਂਗੂ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਅਤੇ ਇਲਾਜ ਦੀ ਸੁਵਿਧਾ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਡੇਂਗੂ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿਚ ਉਪਲਬੱਧ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੀ ਰੋਕਥਾਮ ਲਈ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ। ਉਨਾਂ ਕਿਹਾ ਕਿ ਜਿਨਾਂ ਘਰਾਂ ਵਿਚੋਂ ਡੇਂਗੂ ਦਾ ਲਾਰਵਾ ਮਿਲੇਗਾ, ਉਨਾਂ ਦੇ ਚਲਾਨ ਕੱਟੇ ਜਾਣਗੇ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ। ਉਨਾਂ ਕਿਹਾ ਕਿ ਇਸ ਤਰਾਂ ਅਸੀਂ ਆਪਣੇ ਜ਼ਿਲੇ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਅ ਸਕਦੇ ਹਾਂ।
ਫੋਟੋ :-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ।