ਜਿਲ੍ਹਾ ਪਠਾਨਕੋਟ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਜਿਲ੍ਹੇ ਅੰਦਰ 10380 ਹੈਕਟੇਅਰ ਦਾ ਟੀਚਾ ਨਿਰਧਾਰਤ
ਪਠਾਨਕੋਟ 6 ਮਈ 2022
ਪੰਜਾਬ ਵਿੱਚ ਲਗਾਤਾਰ ਝੋਨੇ ਅਤੇ ਬਾਸਮਤੀ ਦੀ ਕਾਸਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਗਾਰ ਆ ਰਿਹਾ ਹੈ, ਜਿਸ ਦੇ ਚਲਦਿਆਂ ਭੂਮੀਗਤ ਪਾਣੀ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
ਹੋਰ ਪੜ੍ਹੋ :-ਫੋਟੋਸਟੇਟ ਮਸ਼ੀਨ ਦੇ ਕੰਮ ਦੇ ਠੇਕੇ ਲਈ ਕੋਟੇਸ਼ਨਾਂ ਦੀ ਮੰਗ
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਜ਼ਮੀਨ ਹੇਠਲੇ ਦੀ ਪਹਿਲੀ ਪਰਤ 10-20 ਫੁੱਟ ਤੱਕ ਖਤਮ ਹੋ ਚੁੱਕੀ ਹੈ।ਦੂਜੀ ਪਰਤ 100-200 ਫੁੱਟ 10 ਸਾਲ ਪਹਿਲਾਂ ਖਤਮ ਹੋ ਗਈ ।ਹੁਣ ਪੰਜਾਬ ਪਾਣੀ ਦੀ ਤੀਜੀ ਪਰਤ ਜੋ ਕਿ 350 ਫੁੱਟ ਡੂੰਘੀ ਹੈ,ਵਰਤ ਰਿਹਾ ਹੈ।ਝੋਨੇ ਦੀ ਫਸਲ ਵਿੱਚ ਲਗਾਤਾਰ ਪਾਣੀ ਖੜਾ ਰੱਖਣ ਨਾਲ ਆਲਮੀ ਤਪਸ਼ ਲਈ ਜਿੰਮੇਵਾਰ ਮੁੱਖ ਗੈਸ ਮੀਥੇਨ ਦਾ ਤਕਰੀਬਨ 27% ਹਿੱਸਾ ਝੋਨੇ ਦੇ ਖੇਤਾਂ ਤੋਂ ਵਿਸਰਜਿਤ ਹੁੰਦੀ ਹੈ।ਉਪਰੋਕਤ ਸਮੱਸਿਆਵਾਂ ਅਤੇ ਪਾਣੀ ਦੀ ਹੁੰਦੀ ਇਸ ਦੁਰਵਰਤੋਂ ਨੂੰ ਕੁਝ ਹੱਦ ਤੱਕ ਰੋਕਿਆ ਜਾ ਸਕਦਾ ਹੈ,ਜੇਕਰ ਝੋਨੇ ਦੀ ਕਾਸ਼ਤ ਬਾਕੀ ਫਸਲਾਂ ਵਾਂਗੂ ਬਿਨਾਂ ਕੱਦੂ ਕੀਤਿਆਂ ਕੀਤੀ ਜਾਵੇ ।ਪੰਜਾਬ ਵਿੱਚ ਸਾਲ 2021-22 ਦੌਰਾਨ ਤਕਰੀਬਨ 27 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਗਈ, ਜਿਸ ਵਿੱਚੋਂ ਤਕਰੀਬਨ 6 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਜਿਸ ਨਾਲ ਅੰਦਾਜਨ 500-600 ਕਰੋੜ ਰੁਪਏ ਦੇ ਖੇਤੀ ਲਾਗਤ ਖਰਚੇ ਘਟਾਉਣ ਵਿੱਚ ਮਦਦ ਮਿਲੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸਿਫਾਰਸ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਾਲ 2010 ਵਿੱਚ ਕੀਤੀ ਗਈ । ਪਰ ਇਸ ਤੋਂ ਪਹਿਲਾ ਪੰਜਾਬ ਦੇ ਕੁਝ ਉੱਦਮੀ ਕਿਸਾਨਾਂ ਵੱਲੋਂ ਤਕਰੀਬਨ 100 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਸਫਲਤਾਪੂਰਵਕ ਕਾਸਤ ਕੀਤੀ ਗਈ ਸੀ । ਇਸ ਸਫਲਤਾ ਨੂੰ ਵੇਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਚਲਾਈ ਮੁਹਿੰਮ ਸਦਕਾ ਸਾਲ 2012 ਵਿੱਚ ਕਿਸਾਨਾਂ ਵੱਲੋਂ ਇਸ ਤਕਨੀਕ ਨੂੰ ਗੰਭੀਰਤਾ ਨਾਲ ਲੇਂਦਿਆਂ 8922 ਹੈਕਟੇਅਰ ਰਕਬੇ ਵਿੱਚ ਇਸ ਤਕਨੀਕ ਨੂੰ ਅਪਨਾਇਆ ਗਿਆ।
ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਅੰਦਰ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ,ਜਿਸ ਤੋਂ ਚਿੰਤਤ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਤਕਰੀਬਨ 12 ਲੱਖ ਹੈਕਟੇਅਰ ਲਿਆਉਣ ਦਾ ਟੀਚਾ ਮਿਥਿਆ ਹੈ।ਇਸ ਟੀਚੇ ਦੀ ਪੂਰਤੀ ਲਈ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੇ ਵਿਸ਼ੇਸ਼ ਹੁਕਮਾਂ ਤੇ ਸ੍ਰੀ ਸਰਵਜੀਤ ਸਿੰਘ ਵਧੀਕ ਮੁੱਖ ਸਕੱਤਰ(ਵਿਕਾਸ) ਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਮੁਹਿੰਮ ਤਹਿਤ ਸਮੁੱਚੇ ਪੰਜਾਬ ਵਿੱਚ 20 ਮਈ ਤੱਕ 10 ਪਿੰਡਾਂ ਦੇ ਸਮੂਹ ਬਣਾ ਕੇ ਕਿਸਾਨ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ।ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸ਼ੋਸ਼ਲ ਮੀਡੀਆ ਦੀ ਵਰਤੋਂ , ਮੋਬਾਇਲ ਪ੍ਰਚਾਰ ਵੈਨਾਂ ਚਲਾ ਕੇ,ਨਾਮਵਰ ਸ਼ਖਸ਼ੀਅਤਾਂ ਕੋਲੋਂ ਕਿਸਾਨਾਂ ਦੇ ਨਾਮ ਅਪੀਲ ਕਰਵਾ ਕੇ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਕੀਤਾ ਜਾਵੇਗਾ।ਵੱਡੇ ਪੱਧਰ ਤੇ ਸਿੱਧੀ ਬਿਜਾਈ ਕਰਨ ਵਾਲੀਆ ਮਸ਼ੀਨਾਂ ਕਿਸਾਨਾਂ ਨੂੰ ਉਪਲੱਬਧ ਕਰਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ,ਇਸ ਤੋਂ ਇਲਾਵਾ ਪੁਰਾਣੀਆਂ ਕਣਕ ਦੀ ਬਿਜਾਈ ਵਾਲੀਆਂ ਜ਼ੀਰੋ ਬੀਜ ਡਰਿਲਾਂ ਵਿੱਚ ਕੁਝ ਸੁਧਾਈ ਕਰਕੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾਂ ਆਵੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 30 ਫੀਸਦੀ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਖੇਤੀ ਵਿਗਿਆਨੀਆਂ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-30 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਜਿਲ੍ਹਾ ਪਠਾਨਕੋਟ ਦੀ ਗੱਲ ਕਰੀਏ ਤਾਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਜਿਲ੍ਹੇ ਅੰਦਰ 10380 ਹੈਕਟੇਅਰ ਦਾ ਟੀਚਾ ਰੱਖਿਆ ਗਿਆ ਹੈ ਜਦਕਿ ਪਿਛਲੇ ਸਾਲ ਸਿੱਧੀ ਬਿਜਾਈ ਅਧੀਨ ਜਿਲ੍ਹਾ ਪਠਾਨਕੋਟ ਵਿੱਚ 437 ਹੈਕਟੇਅਰ ਰਕਬਾ ਸੀ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀ ਬਾੜੀ ਵਿਭਾਗ ਵੱਲੋਂ 20 ਮਈ ਤੱਕ ਕਰੀਬ 32 ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਪਹਿਲਾ ਹੀ 26 ਅਪ੍ਰੈਲ ਨੂੰ ਖੇਤੀ ਸਮੱਗਰੀ ਵਿਕ੍ਰੇਤਾਵਾਂ ਲਈ ਇੱਕ ਟੇ੍ਰਨਿੰਗ ਕੈਂਪ ਲਗਾ ਕੇ ਟੇ੍ਰਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 11 ਮਈ ਨੂੰ 205 ਕਿਸਾਨ ਮਿੱਤਰਾਂ ਨੂੰ ਟੇ੍ਰਨਿੰਗ ਦੇਣ ਲਈ ਇੱਕ ਵਿਸੇਸ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਧਾਰਮਿਕ ਸਥਾਨਾਂ ਤੇ ਅਨਾਊਂਸਮੈਂਟ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤਕਨੀਕ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਮੁੱਖ ਖੇਤੀਬਾੜੀ ਅਫਸਰ/ਬਲਾਕ ਖੇਤੀਬਾੜੀ ਅਫਸਰ/ਖੇਤੀਬਾੜੀ ਵਿਕਾਸ ਅਫਸਰ, ਕਿ੍ਰਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਜਾਂ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰ 1800-180-1551 ਨਾਲ ਸੰਪਰਕ ਕਰ ਸਕਦੇ ਹਨ।