ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ‘ਚ ਅਹਿਮ ਮਾਮਲਿਆਂ ‘ਤੇ ਚਰਚਾ
ਪਟਿਆਲਾ, 19 ਅਪ੍ਰੈਲ 2022
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਹੈ ਕਿ 14 ਮਈ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਰਾਜ਼ੀਨਾਮਾ ਯੋਗ ਅਤੇ ਗ਼ੈਰ ਅਪਰਾਧਕ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ‘ਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ ਡਾ. ਨਾਨਕ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਹੋਰ ਪੜ੍ਹੋ :-ਜ਼ਿਲੇ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਚੋਂ 174229 ਮੀਟਰਕ ਟਨ ਦੀ ਕਣਕ ਦੀ ਖਰੀਦ
ਇਸ ਮੀਟਿੰਗ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ ਪ੍ਰਣਾਲੀ ਦਾ ਲੇਖਾ ਜੋਖਾ ਕਰਦਿਆਂ ਜਿੱਥੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜਲਦੀ ਨਿਆਂ ਦਿਵਾਉਣ ‘ਤੇ ਚਰਚਾ ਕੀਤੀ ਗਈ ਉਥੇ ਹੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ ਕੀਤਾ ਗਿਆ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ 14 ਮਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ‘ਚ ਲੋਕਾਂ ਨੂੰ ਆਪਣੇ ਦੀਵਾਨੀ, ਮਾਲੀ ਤੇ ਗ਼ੈਰ ਅਪਰਾਧਕ ਅਤੇ ਰਾਜੀਨਾਮੇ ਯੋਗ ਮਾਮਲੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਕੌਮੀ ਲੋਕ ਅਦਾਲਤ ‘ਚ ਰਾਜੀਨਾਮਾ ਯੋਗ ਕੇਸਾਂ ਨੂੰ ਨਿਬੇੜਨ ਲਈ ਭੇਜਣ ਵਾਸਤੇ ਆਖਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੇ.ਪੀ. ਘੁਮਾਣ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਮੀਟਿੰਗ ‘ਚ ਵਧੀਕ ਸੈਸ਼ਨਜ਼ ਜੱਜ ਆਰ.ਕੇ. ਜੈਨ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਪਰਮਿੰਦਰ ਕੌਰ, ਸੀ.ਜੇ.ਐਮ. ਅਮਿਤ ਕੁਮਾਰ ਮੱਲ੍ਹਣ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਕਮਲੇਸ਼ ਮਹਿੰਦਰੂ, ਡਾ. ਅਭਿਨੰਦਨ ਬਸੀ ਅਤੇ ਸੁਰਵਿੰਦਰ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਕਾਸ਼ੀ ਸਹਾਨੀ ਤੇ ਐਸ.ਐਸ.ਪੀ ਡਾ. ਨਾਨਕ ਸਿੰਘ ਅਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।