10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਕਾਊਂਟਿੰਗ ਸੈਂਟਰਾਂ ਅੰਦਰ ਮੋਬਾਇਲ ਸਮੇਤ ਹਰ ਤਰਾਂ ਦੇ ਕਮਿਊਨੀਕੇਸ਼ਨ ਡਿਵਾਈਸ ਲਿਜਾਣ ਦੀ ਹੋਵੇਗੀ ਪਾਬੰਦੀ
ਚੋਣ ਨਤੀਜਿਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਮੀਡੀਆ ਸੈਂਟਰ ਸਥਾਪਤ
ਚੋਣ ਕਮਿਸ਼ਨ ਨੇ ਉਮੀਦਵਾਰਾਂ ਵੱਲੋਂ ਜੇਤੂ ਮਾਰਚ ਕਰਨ ’ਤੇ ਲਗਾਈ ਪਾਬੰਦੀ
ਗੁਰਦਾਸਪੁਰ, 9 ਮਾਰਚ 2022
ਵਿਧਾਨ ਸਭਾ ਚੋਣਾਂ-2022 ਦੀ 10 ਮਾਰਚ ਨੂੰ ਹੋਣ ਜਾ ਰਹੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਮੀਡੀਆ ਸੈਂਟਰ ਵਿਖੇ ਕੀਤੀ ਗਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਅਤੇ ਉਮੀਦਵਾਰਾਂ/ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ, ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ, ਏ.ਡੀ.ਸੀ. (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ. ਸ. ਹਰਜਿੰਦਰ ਸਿੰਘ ਸੰਧੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਹੋਰ ਪੜ੍ਹੋ :-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਭਰ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਸਬੰਧੀ ਕੀਤੀਆਂ ਤਿਆਰੀਆਂ ਦਾ ਬਿਓਰਾ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਮਾਨਯੋਗ ਗਿਣਤੀ ਅਬਜ਼ਰਵਰਾਂ ਅਤੇ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੇ ਪਾਰਦਰਸ਼ੀ ਢੰਗ ਨਾਲ ਸਮੁੱਚੀ ਗਿਣਤੀ ਪ੍ਰੀਕ੍ਰਿਆ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਲਈ ਬਣਾਏ ਕਾਊਂਟਿੰਗ ਸੈਂਟਰ ਵਿੱਚ 14 ਟੇਬਲ ਲਗਾਏ ਗਏ ਹਨ ਜਿਥੇ ਕਾਊਂਟਿੰਗ ਸਟਾਫ ਵੱਲੋਂ ਕਾਊਂਟਿੰਗ ਏਜੰਟਾਂ ਦੀ ਹਾਜ਼ਰੀ ਵਿੱਚ ਪੋਸਟਲ ਬੈਲਟ ਪੇਪਰ ਅਤੇ ਈ.ਵੀ.ਐੱਮ ਮਸ਼ੀਨਾਂ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪਾਰਕਿੰਗ ਦੇ ਸਥਾਨਾਂ ’ਤੇ ਵਿਸ਼ੇਸ਼ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਊਟਿੰਗ ਸੈਂਟਰਾਂ ਵਿੱਚ ਮੋਬਾਇਲ ਸਮੇਤ ਕਿਸੇ ਵੀ ਤਰਾਂ ਦੇ ਕਮਿਊਨੀਕੇਸ਼ਨ ਡਿਵਾਈਸ (ਸੰਚਾਰ ਸਾਧਨ) ਲਿਜਾਣ ’ਤੇ ਮੁਕੰਮਲ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਚੋਣਾਂ ਦੇ ਤਾਜ਼ਾ ਰੁਝਾਨਾਂ ਦੀ ਜਾਣਕਾਰੀ ਦੇਣ ਲਈ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਇੱਕ ਵਿਸ਼ੇਸ਼ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਸੈਂਟਰ ਵਿੱਚ ਵਿਸ਼ੇਸ਼ ਐੱਲ.ਈ.ਡੀ. ਸਕਰੀਨਾਂ ਅਤੇ ਪ੍ਰੋਜੈਕਟਰ ਲਗਾਏ ਗਏ ਹਨ ਜਿਥੇ ਗਿਣਤੀ ਦਾ ਹਰ ਰਾਊਂਡ ਵਾਈਜ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਵੱਖ-ਵੱਖ ਹਲਕਿਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਜੇਤੂ ਮਾਰਚਾਂ ਉੱਪਰ ਰੋਕ ਲਗਾਈ ਗਈ ਹੈ ਇਸ ਲਈ ਜਿੱਤਣ ਵਾਲੇ ਉਮੀਦਵਾਰ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਚੋਣ ਪ੍ਰੀਕ੍ਰਿਆ ਦੌਰਾਨ ਪੂਰਾ ਸਹਿਯੋਗ ਕੀਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ 10 ਮਾਰਚ ਨੂੰ ਚੋਣ ਪ੍ਰੀਕ੍ਰਿਆ ਦੇ ਆਖਰੀ ਪੜਾਅ ਦੌਰਾਨ ਵੀ ਪੂਰਾ ਸਾਥ ਦੇਣਗੇ।
ਐੱਸ.ਐੱਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ ਅਤੇ ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਕਾਊਂਟਿੰਗ ਸੈਂਟਰ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ ਲਈ ਵੱਖ-ਵੱਖ ਪਾਰਕਿੰਗ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਕਾਊਂਟਿੰਗ ਸੈਂਟਰਾਂ ਵਿੱਚ ਦਾਖਲੇ ਲਈ ਵਿਸ਼ੇਸ਼ ਪ੍ਰਬੰਧ ਹਨ। ਉਨ੍ਹਾਂ ਚੋਣਾਂ ਵਿੱਚ ਭਾਗ ਲੈ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਗਿਣਤੀ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਵਿੱਚ ਪੁਲਿਸ ਦਾ ਸਹਿਯੋਗ ਕਰਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ।