ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ, ਹਰ ਲਾਭਪਾਤਰੀ ਟੀਕਾ ਲਗਵਾਏ
ਮਾਸਕ ਪਾਉ, ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਜਾਉ
ਮੋਹਾਲੀ, 25 ਜੂਨ 2021 ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਕੋਵਿਡ-ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਿਚ ਭਾਰੀ ਕਮੀ ਆ ਗਈ ਹੈ ਪਰ ਦੂਜੀ ਲਹਿਰ ਹਾਲੇ ਖ਼ਤਮ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਸਾਡਾ ਇਹ ਯਤਨ ਹੋਣਾ ਚਾਹੀਦਾ ਹੈ ਕਿ ਇਸ ਮਹਾਂਮਾਰੀ ਦੀ ਤੀਜੀ ਲਹਿਰ ਦਾ ਸਾਹਮਣਾ ਕਰਨਾ ਹੀ ਨਾ ਪਵੇ ਪਰ ਜੇਕਰ ਇਹ ਲਹਿਰ ਆਉਂਦੀ ਹੈ ਤਾਂ ਉਸ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਮੀ ਸਿਹਤ ਮਾਹਰਾਂ ਮੁਤਾਬਕ ਜੇ ਤੀਜੀ ਲਹਿਰ ਆਉਂਦੀ ਹੈ ਤਾਂ ਇਸ ਦਾ ਸਭ ਤੋਂ ਜ਼ਿਆਦਾ ਅਸਰ ਬੱਚਿਆਂ ’ਤੇ ਪਵੇਗਾ। ਇਸ ਸਥਿਤੀ ਦੇ ਮੁਕਾਬਲੇ ਲਈ ਸਿਹਤ ਵਿਭਾਗ ਵਲੋਂ ਅਪਣੇ ਪੱਧਰ ’ਤੇ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਜਿਥੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬੈੱਡ ਸਮਰੱਥਾ ਵਧਾਈ ਜਾ ਰਹੀ ਹੈ, ਉਥੇ ਬੱਚਿਆਂ ਦੇ ਇਲਾਜ ਸਬੰਧੀ ਖੋਜ ਅਤੇ ਡਾਕਟਰਾਂ ਸਮੇਤ ਸਟਾਫ਼ ਦੀ ਆਨਲਾਈਨ ਟਰੇਨਿੰਗ ਦੇ ਕਾਰਜ ਵੀ ਚੱਲ ਰਹੇ ਹਨ ਤੇ ਇਲਾਜ ਵਾਸਤੇ ਲੋੜੀਂਦੇ ਉਪਕਰਨ ਵੀ ਖ਼ਰੀਦੇ ਜਾ ਰਹੇ ਹਨ।
ਕੋਵਿਡ ਟੀਕਾਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਆਖਿਆ ਕਿ ਟੀਕਾਕਰਨ ਇਸ ਬੀਮਾਰੀ ਦੇ ਮੁਕਾਬਲੇ ਲਈ ਵੱਡਾ ਹਥਿਆਰ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿਚ 18 ਸਾਲ ਤੋਂ ਉਪਰਲੇ ਵਿਅਕਤੀਆਂ ਲਈ ਟੀਕਾਕਰਨ ਵੱਡੇ ਪੱਧਰ ’ਤੇ ਚੱਲ ਰਿਹਾ ਹੈ ਅਤੇ ਹਰ ਲਾਭਪਾਤਰੀ ਨੂੰ ਬਿਨਾਂ ਸਮਾਂ ਗਵਾਏ ਇਹ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਨਾਲ ਸਰੀਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਤਾਕਤ ਪੈਦਾ ਹੁੰਦੀ ਹੈ। ਜੇ ਟੀਕਾ ਲਗਵਾਉਣ ਤੋਂ ਬਾਅਦ ਵੀ ਕੋਈ ਵਿਅਕਤੀ ਇਸ ਬੀਮਾਰੀ ਦੀ ਲਪੇਟ ਵਿਚ ਆ ਜਾਂਦਾ ਹੈ ਤਾਂ ਇਹ ਬੀਮਾਰੀ ਭਿਆਨਕ ਰੂਪ ਅਖ਼ਤਿਆਰ ਨਹੀਂ ਕਰਦੀ ਅਤੇ ਮਰੀਜ਼ ਨੂੰ ਹਸਪਤਾਲ ਦਾਖ਼ਲ ਹੋਣ ਦੀ ਲੋੜ ਨਹੀਂ ਪੈਂਦੀ। ਸਿਵਲ ਸਰਜਨ ਨੇ ਆਖਿਆ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਰ ਵਿਅਕਤੀ ਬਿਨਾਂ ਕਿਸੇ ਡਰ-ਭੈਅ ਇਹ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ ਹਾਲੇ ਤਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਵੇਖਣ ਨੂੰ ਨਹੀਂ ਮਿਲਿਆ।
ਡਾ. ਆਦਰਸ਼ਪਾਲ ਕੌਰ ਨੇ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਲੱਗ ਰਿਹਾ ਹੈ ਕਿ ਟੀਕਾ ਲਗਵਾਉਣ ਤੋਂ ਬਾਅਦ ਮਾਸਕ ਪਾਉਣ ਦੀ ਲੋੜ ਨਹੀਂ ਪਰ ਇਹ ਧਾਰਨਾ ਬਿਲਕੁਲ ਗ਼ਲਤ ਹੈ। ਸਿਵਲ ਸਰਜਨ ਨੇ ਆਖਿਆ ਕਿ ਭਾਵੇਂ ਕੋਵਿਡ ਪਾਬੰਦੀਆਂ ਵਿਚ ਕਾਫ਼ੀ ਹੱਦ ਤਕ ਛੋਟਾਂ ਦਿਤੀਆਂ ਜਾ ਚੁੱਕੀਆਂ ਹਨ ਪਰ ਮਾਸਕ ਪਾਉਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਪਹਿਲਾਂ ਵਾਂਗ ਵਰਤਦੇ ਰਹਿਣ ਦੀ ਲੋੜ ਹੈ। ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।