ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ

SVEEP
ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ
-ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਡਿਪਟੀ ਕਮਿਸ਼ਨਰ
-ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਕੀਤਾ ਸਨਮਾਨਤ

ਪਟਿਆਲਾ, 3 ਦਸੰਬਰ 2021

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਸਮਾਜ ‘ਚ ਪਾਏ ਗਏ ਅਹਿਮ ਯੋਗਦਾਨ ਲਈ ਸਨਮਾਨਤ ਕੀਤਾ।

ਹੋਰ ਪੜ੍ਹੋ :-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ  ਸ਼ਾਨੋ ਸ਼ੌਕਤ ਨਾਲ ਹੋਏ  ਸੰਪਨ

ਇਸ ਮੌਕੇ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਤੇ ਅਜਿਹੇ ਦਿਨ ਮਨਾਉਣ ਦਾ ਮੁੱਖ ਮਕਸਦ ਵੀ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਕੇ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ‘ਚ ਕੋਈ ਕਮੀ ਤੇ ਪ੍ਰਤਿਭਾ ਹੁੰਦੀ ਹੈ ਤੇ ਸਾਨੂੰ ਆਪਣੀ ਕਮੀ ਨੂੰ ਦੂਰ ਕਰਕੇ ਪ੍ਰਤੀਭਾ ਨੂੰ ਨਿਖਾਰਨ ਵੱਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਇਸ ਵਿਸ਼ੇਸ਼ ਦਿਨ ‘ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਮਿਹਨਤ ਮਨੁੱਖ ਵਿਚਲੀ ਹਰੇਕ ਕਮੀ ਨੂੰ ਪੂਰਾ ਕਰ ਦਿੰਦੀ ਹੈ। ਇਸ ਮੌਕੇ ਉਨ੍ਹਾਂ ਦਿਵਿਆਂਗਜਨਾਂ ਨੂੰ ਵੋਟ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚ ਦਿਵਿਆਂਗਜਨ ਆਪਣੀ ਅਹਿਮ ਭੂਮਿਕਾ ਨਿਭਾਅ ਸਕਣ।

ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਅਜੋਕੇ ਸਮੇਂ ਨਵੀਂਆਂ ਤਕਨੀਕਾਂ ਸਦਕਾ ਦਿਵਿਆਂਗਜਨਾਂ ਦੀਆਂ ਸਹੂਲਤਾਂ ਵੱਲ ਕ੍ਰਾਂਤੀਕਾਰੀ ਕੰਮ ਕੀਤਾ ਗਿਆ ਹੈ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਪੰਜਾਬੀ ਯੂਨੀਵਰਸਿਟੀ ਵੱਲੋਂ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਅਜਿਹੇ ਸਮਾਗਮ ਕਰਵਾਕੇ ਸਮਾਜ ਨਾਲ ਸਿੱਧੇ ਤੌਰ ‘ਤੇ ਜੁੜਨਾ ਚਾਹੀਦਾ ਹੈ ਤਾਂ ਕਿ ਸਮਾਜ ਵਿਚਲੀਆਂ ਮੁਸ਼ਕਲਾਂ ਨੂੰ ਸਮਝਕੇ ਇਸ ‘ਤੇ ਕੰਮ ਕੀਤਾ ਜਾ ਸਕੇ।

ਸਮਾਗਮ ਦੌਰਾਨ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋਂ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵੋਟਰ ਜਾਗਰੂਕਤਾ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਤੇ ਦਿਵਿਆਂਗ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੋਟਰ ਜਾਗਰੂਕਤਾ ਲਈ ਸੁਖਦਰਸ਼ਨ ਸਿੰਘ ਚਹਿਲ ਵੱਲੋਂ ਨਿਰਦੇਸ਼ਤ ਨਾਟਕ ਦਾ ਮੰਚਨ ਕਰਕੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਿਵਿਆਂਗਜਨਾਂ ਦੇ ਪੋਸਟਰ ਮੇਕਿੰਗ, ਸਲੋਗਨ ਲੇਖਣ, ਲੇਖ ਲਿਖਣ ਦੇ ਮੁਕਾਬਲਿਆਂ ਤੋਂ ਇਲਾਵਾ ਭੰਗੜਾ, ਗਿੱਧਾ, ਗੀਤ, ਸਕਿੱਟ ਦੇ ਮਾਇਨ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਵੱਲੋਂ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਵੀਪ ਦੇ ਸਟੇਟ ਆਇਕਨ ਡਾ. ਕਿਰਨ, ਜ਼ਿਲ੍ਹਾ ਆਇਕਨ ਉਜਾਗਰ ਸਿੰਘ ਅੰਟਾਲ, ਜਗਦੀਪ ਸਿੰਘ, ਜਗਵਿੰਦਰ ਸਿੰਘ ਤੇ ਰਘਬੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਗਵਿੰਦਰ ਸਿੰਘ ਸਾਈਕਲ ਰਾਹੀਂ ਪਾਤੜ੍ਹਾਂ ਤੋਂ ਸਮਾਗਮ ‘ਚ ਸ਼ਿਰਕਤ ਕਰਨ ਪੁੱਜੇ ਸਨ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਕਰਵਾਏ ਮੁਕਾਬਲਿਆਂ ‘ਚ ਪਟਿਆਲਾ ਸਕੂਲ ਫ਼ਾਰ ਬਲਾਇੰਡ ਸੈਫ਼ਦੀਪੁਰ, ਪਟਿਆਲਾ ਸਕੂਲ ਫ਼ਾਰ ਡੈਫ਼, ਬਾਨੀ ਸਕੂਲ ਅਰਬਨ ਅਸਟੇਟ, ਸਪੀਕਿੰਗ ਹੈਡ ਵੈਲਫੇਅਰ ਫਾਊਂਡੇਸ਼ਨ ਰਾਜਪੁਰਾ, ਸਹਿਯੋਗ ਹੋਮ ਰਾਜਪੁਰਾ ਸਮੇਤ ਹੋਰਨਾ ਸਕੂਲਾਂ ਕਾਲਜਾ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਹੈ। ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਰਿੰਦਰ ਕੌਸ਼ਿਕ, ਸਿਕੰਦਰ ਸਿੰਘ ਵੀ ਮੌਜੂਦ ਸਨ।

ਕੈਪਸ਼ਨ: ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਉਪ ਕੁਲਪਤੀ ਪ੍ਰੋ. ਅਰਵਿੰਦ ਡਾ. ਕਿਰਨ ਨੂੰ ਸਨਮਾਨਤ ਕਰਦੇ ਹੋਏ।

Spread the love