7 ਫਰਵਰੀ ਨੂੰ ਹੋਵੇਗੀ ਵਲੰਟੀਅਰਾਂ ਦੀ ਆਨਲਾਈਨ ਸਿਖਲਾਈ
ਬਰਨਾਲਾ, 4 ਫਰਵਰੀ 2022
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਵਿਆਂਗ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਵੱਖ ਵੱਖ ਅਧਿਕਾਰੀਆਂ ਦੀ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।
ਹੋਰ ਪੜ੍ਹੋ :-ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਅਬਜ਼ਰਵਰ ਨਿਯੁਕਤ
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਅਤੇ ਦਿਵਿਆਂਗ ਵੋਟਰਾਂ ਲਈ ਨੋਡਲ ਅਫਸਰ ਤੇਆਵਾਸਪ੍ਰੀਤ ਕੌਰ ਨੇ ਕਿਹਾ ਕਿ ਦਿਵਿਆਂਗ ਅਤੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਜਿਵੇਂ ਵੀਲ ਚੇਅਰ, ਰੈਂਪ, ਪਾਣੀ ਦੀ ਸੁਵਿਧਾ ਸਮੇਤ ਹੋਰ ਸੁਵਿਧਾਵਾਂ ਜ਼ਰੂਰੀ ਹਨ। ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ’ਚ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਪੰਚਾਇਤਾਂ ਰਾਹੀਂ ਵੀਲ ਚੇਅਰਾਂ ਯਕੀਨੀ ਬਣਾਈਆਂ ਜਾਣ ਅਤੇ ਸ਼ਹਿਰਾਂ ਵਿੱਚ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਦੀ ਮਦਦ ਨਾਲ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਉਨਾਂ ਦੱਸਿਆ ਕਿ ਵੱਖ ਵੱਖ ਬੂਥਾਂ ’ਤੇ ਵੋਟਰਾਂ ਦੀ ਮਦਦ ਲਈ ਵਲੰਟੀਅਰ ਵੀ ਤਾਇਨਾਤ ਕੀਤੇ ਜਾਣਗੇ, ਜਿਨਾਂ ਦੀ ਆਨਲਾਈਨ ਟ੍ਰੇਨਿੰਗ 7 ਫਰਵਰੀ ਨੂੰ ਹੋਵੇਗੀ। ਉਨਾਂ ਕਿਹਾ ਕਿ ਇਹ ਵਲੰਟੀਅਰ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ, ਯੁਵਕ ਸੇਵਾਵਾਂ ਵਿਭਾਗ, ਨਹਿਰੂ ਯੁਵਾ ਕੇਂਦਰ ਤੇ ਕਲੱਬਾਂ ਰਾਹੀਂ ਹੋਣਗੇ, ਜਿਨਾਂ ਨੂੰ ਬਕਾਇਦਾ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਪੋਲਿੰਗ ਬੂਥਾਂ ’ਤੇ ਦਿਵਿਆਂਗ ਅਤੇ ਬਜ਼ੁਰਗਾਂ ਵੋਟਰਾਂ ਨੂੰ ਮਦਦ ਦੇ ਸਕਣ। ਮੈਡਮ ਤੇਆਵਾਸਪ੍ਰੀਤ ਕੌਰ ਨੇ ਸਿੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਨੂੰ ਵਲੰਟੀਅਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਤਾਂ ਜੋ ਉਨਾਂ ਨੂੰ ਸਿਖਲਾਈ ਦਿੱਤੀ ਜਾ ਸਕੇ।
ਇਸ ਮੌਕੇ ਸ੍ਰੀ ਵਕੀਲ ਚੰਦ ਗੋਇਲ ਨੇ ਕਿਹਾ ਕਿ ਉਨਾਂ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਪੋਲਿੰਗ ਬੂਥਾਂ ਦੀ ਫਿਜ਼ੀਕਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੋਲਿੰਗ ਬੂਥਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।
ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ, ਸਕੱਤਰ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਸਰਵਣ ਸਿੰਘ, ਬੀਡੀਪੀਓ ਸੁਖਦੀਪ ਸਿੰਘ ਹਾਜ਼ਰ ਤੇ ਹੋਰ ਅਧਿਕਾਰੀ ਸਨ।