ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 100 ਲੋੜਵੰਦ ਕਿੰਨਰਾਂ ਨੂੰ ਵੰਡੀਆਂ ਸੁੱਕੇ ਰਾਸ਼ਨ ਦੀਆਂ ਕਿੱਟਾਂ

ਲੁਧਿਆਣਾ, 26 ਮਈ 2021 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਹੈਲਪਲਾਈਨ ਨੰਬਰ 0161-2400051 ਤੇ ਪ੍ਰਾਪਤ ਹੋਈ ਸੂਚਨਾ ਦੇ ਸਨਮੁੱਖ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ ਮਿਤੀ 26-05-2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਲੁਧਿਆਣਾ ਦੇ 100 ਲੋੜਵੰਦ ਕਿੰਨਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ।
ਇਸ ਮੌਕੇ ਤੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਇਕੱਤਰਿਤ ਕਿੰਨਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮਸ਼ਕਿਲਾਂ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਵਾਇਆ ਗਿਆ। ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਕਿੰਨਰਾਂ ਨੂੰ ਕੋਈ ਨਾ ਕੋਈ ਤਕਨੀਕੀ ਹੁਨਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਲੋਕਾਂ ਨੂੰ ਵੀ ਸਮਾਜ ਦੇ ਹੋਰਨਾਂ ਲੋਕਾਂ ਦੀ ਤਰ੍ਹਾਂ ਵੱਖ-ਵੱਖ ਕਿੱਤਿਆਂ ਵਿੱਚ ਕੰਮ ਕਰਨ ਦੇ ਮੌਕੇ ਪ੍ਰਾਪਤ ਹੋ ਸਕਣ ।
ਉਪਰੋਕਤ ਲੋੜਵੰਦਾਂ ਦੀ ਮਦਦ ਸਬੰਧੀ ਕਾਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਹੈਲਪਲਾਈਨ ਨੰਬਰ 0161-2400051 ਤੇ ਪ੍ਰਾਪਤ ਹੋਈਆਂ ਸਨ, ਜਿਸਦੇ ਅਧੀਨ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਾ ਪ੍ਰਬੰਧ ਕੀਤਾ ਗਿਆ ।
ਇਸ ਮੌਕੇ ‘ਤੇ ਸ੍ਰੀ ਪੀ.ਐਸ.ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਣਕਾਰੀ ਅਤੇ ਮਦਦ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 24×7 ਹੈਲਪਲਾਈਨ ਨੰਬਰ 0161-2400051 ਜਾਰੀ ਕੀਤਾ ਗਿਆ ਜਿਸ ਤੇ ਕਾਲ ਕਰਕੇ ਕਿਸੇ ਵੀ ਲੋੜਵੰਦ ਵਿਅਕਤੀ ਵੱਲੋਂ ਕੋਰੋਨਾ ਵਾਇਰਸ ਅਤੇ ਮੁਫਤ ਕਾਨੂੰਨੀ ਸਹਾਇਤਾ ਦੇ ਸਬੰਧ ਵਿੱਚ ਜਾਣਕਾਰੀ ਜਾਂ ਮਦਦ ਹਾਸਲ ਕੀਤੀ ਜਾ ਸਕਦੀ ਹੈ । ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਡੀ.ਐਲ.ਐਸ.ਏ. ਲੁਧਿਆਣਾ ਵੱਲੋਂ ਹੁਣ ਤੱਕ ਤਕਰੀਬਨ 250 ਲੋੜਵੰਦ ਕਿੰਨਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਭਵਿੱਖ ਵਿੱਚ ਵੀ ਕਿਸੇ ਹੋਰ ਲੋੜਵੰਦ ਦੀ ਮਦਦ ਲਈ ਡੀ.ਐਲ.ਐਸ.ਏ., ਲੁਧਿਆਣਾ ਹਮੇਸ਼ਾ ਤਿਆਰ ਹੈ ।

Spread the love