ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਵੱਲੋਂ ਪਲਸ ਆਕਸੀਮੀਟਰ ਵਾਪਸ ਜਮ੍ਹਾਂ ਕਰਵਾਉਣ ਦੀ ਅਪੀਲ

-ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਪ੍ਰਭਾਵਿਤ ਮਰੀਜਾਂ ਨੂੰ ਦਿੱਤੀਆਂ ਗਈਆਂ ਸਨ ਕੋਰੋਨਾ ਫ਼ਤਿਹ ਕਿੱਟਾਂ
ਸ੍ਰੀ ਮੁਕਤਸਰ ਸਾਹਿਬ 04 ਮਈ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐਸ., ਨੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ 19 ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਘਰਾਂ ਵਿੱਚ ਏਕਾਂਤਵਾਸ ਕੀਤੇ ਗਏ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ । ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਤੋਂ ਇਲਾਵਾ ਕੋਵਿਡ-19 ਨਾਲ ਸਬੰਧਤ ਦਵਾਈਆਂ ਅਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਦਿੱਤੀ ਗਈ ਸੀ ।
ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਨਵੇਂ ਪਲਸ ਆਕਸੀਮੀਟਰਾਂ ਦੀ ਬਹੁਤ ਘਾਟ ਮਹਿਸੂਸ ਹੋ ਰਹੀ ਹੈ । ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਜਿਹੇ ਵਿਅਕਤੀਆਂ ਜਿਨ੍ਹਾਂ ਨੂੰ ਪਿਛਲੇ ਸਾਲ ਕੋਰੋਨਾ ਹੋ ਗਿਆ ਸੀ ਅਤੇ ਉਨ੍ਹਾਂ ਨੇ ਪਲਸ ਆਕਸੀਮਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਉਹ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਅਤੇ ਇੱਕ ਜਿੰਮੇਵਾਰ ਨਾਗਰਿਕ ਦਾ ਸਬੂਤ ਦਿੰਦੇ ਹੋਏ ਇਹ ਪਲਸ ਆਕਸੀਮੀਟਰ ਐਸ.ਡੀ.ਐਮ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਇਨ੍ਹਾਂ ਆਕਸੀਮੀਟਰਾਂ ਨੂੰ ਸੈਨੇਟਾਇਜ਼ ਕਰਕੇ ਘਰਾਂ ਵਿੱਚ ਏਕਾਂਤਵਾਸ ਕੋਵਿਡ-19 ਮਰੀਜ਼ਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ ।
ਉਨ੍ਹਾਂ ਵੱਲੋਂ ਕਿਹਾ ਗਿਆ ਕਿ ਆਕਸੀਮੀਟਰ ਵਾਪਸ ਕਰਨ ਦੇ ਚਾਹਵਾਨ ਵਿਅਕਤੀ ਇਸ ਸਬੰਧੀ ਫੋਨ ਨੰ 01633-262031 ਉਪਰ ਸੰਪਰਕ ਕਰ ਸਕਦੇ ਹਨ । ਉਨ੍ਹਾਂ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿੱਚ ਅੱਗੇ ਆਉਣ ਅਤੇ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦੀ ਮਦਦ ਕਰਕੇ ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਸਹਿਯੋਗ ਦੇਣ ।

Spread the love