ਵਿਧਾਇਕ ਅੰਗਦ ਸਿੰਘ ਵੱਲੋਂ ਰਾਣੇਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਉਦਘਾਟਨ

ANGAD
ਵਿਧਾਇਕ ਅੰਗਦ ਸਿੰਘ ਵੱਲੋਂ ਰਾਣੇਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਉਦਘਾਟਨ
ਨਵਾਂਸ਼ਹਿਰ, 14 ਨਵੰਬਰ 2021
ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪਿੰਡ ਰਾਣੇਵਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਸਥਾਪਨਾ ਦਾ ਉਦਘਾਟਨ ਕੀਤਾ ਗਿਆ। ਪਿੰਡ ਦੀ ਪੰਚਾਇਤ ਵੱਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਗਏ ਇਸ ਸ਼ਲਾਘਾਯੋਗ ਕਾਰਜ ਲਈ ਮੁਬਾਰਕਬਾਦ ਦਿੰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਭਾਰਤ ਵਾਸੀਆਂ ਲਈ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸਮੁੱਚਾ ਰਾਸ਼ਟਰ ਉਨਾਂ ਦਾ ਹਮੇਸ਼ਾ ਰਿਣੀ ਰਹੇਗਾ।

ਹੋਰ ਪੜ੍ਹੋ :-ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਰੈਲੀ

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਈ. ਕੇ. ਜੀ. ਪੀ. ਟੀ. ਯੂ ਕਪੂਰਥਲਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਡਾ. ਭੀਮ ਰਾਓ ਅੰਬੇਡਕਰ ਅਜਾਇਬ ਘਰ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਸਾਰੇ ਜ਼ਿਲਿਆਂ ਵਿਚ ਅੰਬੇਡਰਕ ਭਵਨਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਸਮਾਨਤਾ ਆਧਾਰਿਤ ਸਮਾਜ ਸਿਰਜਣ ਦੇ ਸੁਨੇਹੇ ਨੂੰ ਅਸੀਂ ਤਾ ਹੀ ਸਾਰਥਕ ਕਰ ਸਕਦੇ ਹਾਂ ਜੇਕਰ ਅਸੀਂ ਉਨਾਂ ਦੀ ਸੋਚ ’ਤੇ ਧੁਰ ਅੰਦਰੋਂ ਪਹਿਰਾ ਦਿੰਦਿਆਂ ਇਸ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਅਪਣਾਈਏ ਅਤੇ ਹਰ ਸ਼ੋਸ਼ਿਤ ਅਤੇ ਕਮਜ਼ੋਰ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੀਏ।

ਉਨਾਂ ਕਿਹਾ ਕਿ ਡਾ. ਅੰਬੇਡਕਰ ਨੇ ਸਾਨੂੰ ਸਰਬੋਤਮ ਸੰਵਿਧਾਨ ਲਿਖ ਕੇ ਦਿੱਤਾ ਹੈ ਅਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਅਤੇ ਫਰਜ਼ਾਂ ਨੂੰ ਤਨਦੇਹੀ ਨਾਲ ਮੰਨ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਸੰਵਿਧਾਨ ਵੱਲੋਂ ਮਿਲੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਤੋਂ ਪਹਿਲਾਂ ਸਰੰਪਚ ਹੁਕਮ ਚੰਦ ਕਲੇਰ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਕੈਪਸ਼ਨ :-ਪਿੰਡ ਰਾਣੇਵਾਲ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਅੰਗਦ ਸਿੰਘ।
Spread the love