*ਕਿਹਾ, ਕੋਰੋਨਾ ਪੀੜਤ ਮਰੀਜ਼ਾਂ ਦੀ ਸੰਭਾਲ ਤੇ ਮਿਆਰੀ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ
ਬਰਨਾਲਾ, 25 ਮਈ, 2021:
“ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਅਕਤੀ ਇਨਾਂ ਸੇਵਾਵਾਂ ਅਤੇ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ’’, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪਦਉੱਨਤੀ ਉਪਰੰਤ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਣ ਮੌਕੇ ਡਾ. ਜਸਬੀਰ ਸਿੰਘ ਔਲਖ ਨੇ ਕੀਤਾ।
ਇਸ ਮੌਕੇ ਡਾ. ਔਲਖ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਉਹ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਅਤੇ ਕੋਵਿਡ 19 ਦੇ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼, ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਜ਼ਿਲਾ ਬਰਨਾਲਾ ਦੇ ਪਿੰਡ ਅਤਰਗੜ ਵਿਖੇ ਕਿਸਾਨੀ ਪਰਿਵਾਰ ’ਚ ਜਨਮੇ ਡਾ. ਔਲਖ ਨੇ ਪਿੰਡ ਦੇ ਸਰਕਾਰੀ ਪ੍ਰਇਮਰੀ ਸਕੂਲ ਤੋਂ ਵਿੱਦਿਆ ਪ੍ਰਾਪਤੀ ਦੀ ਸ਼ੁਰੂਆਤ ਕੀਤੀ। ਉਹ ਅਕਾਲ ਡਿਗਰੀ ਕਾਲਜ ਮਸਤੂਆਣਾ (ਸੰਗਰੂਰ) ਦੇ ਪਹਿਲੇ ਵਿਦਿਆਰਥੀ ਬਣੇ, ਜਿਨਾਂ ਨੇ ਪੀ.ਐਮ.ਟੀ. ਦਾ ਇਮਤਿਹਾਨ ਪਾਸ ਕਰ ਐਮ.ਬੀ.ਬੀ.ਐਸ. ਵਿੱਚ ਦਾਖਲਾ ਲਿਆ। ਗਾਇਨੀ ਮਾਹਿਰ ਡਾ. ਜਸਬੀਰ ਸਿੰਘ ਔਲਖ ਵੱਲੋਂ ਹੁਣ ਤੱਕ ਐਸਐਮਓ ਸਿਵਲ ਹਸਪਤਾਲ ਬਰਨਾਲਾ, ਜ਼ਿਲਾ ਪਰਿਵਾਰ ਭਲਾਈ ਅਫਸਰ ਬਰਨਾਲਾ ਤੇ ਸੀਨੀਅਰ ਮੈਡੀਕਲ ਅਫਸਰ ਤਪਾ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ।
ਡਾ. ਔਲਖ ਨੂੰ ਸਾਲ 2012 ਵਿੱਚ ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਸਭ ਤੋਂ ਵੱਧ ਨਾਰਮਲ ਜਣੇਪਾ ਕਰਾਉਣ ਲਈ ਸਨਮਾਨ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਪ੍ਰਸੰਸਾ ਪੱਤਰ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਟੇਟ ਐਵਾਰਡ, ਬਾਬਾ ਫਰੀਦ ਆਗਮਨ ਪੂਰਬ ’ਤੇ ਫਰੀਦਕੋਟ ਵਿਖੇ ਭਗਤ ਪੂਰਨ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਹ ਮਕਬੂਲ ਟੀ.ਵੀ. ਸ਼ੋਅ “ਕੌਣ ਬਣੇਗਾ ਕਰੋੜਪਤੀ’’ ਵਿੱਚ ਵੀ ਭਾਗ ਲੈ ਚੁੱਕੇ ਹਨ।
ਅੱਜ ਡਾ. ਔਲਖ ਦੇ ਅਹੁਦਾ ਸੰਭਾਲਣ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ, ਜ਼ਿਲਾ ਸਿਹਤ ਅਫਸਰ ਡਾ ਜਸਪ੍ਰੀਤ ਸਿੰਘ, ਡੀਐਮਸੀ ਡਾ. ਗੁਰਮਿੰਦਰ ਔਜਲਾ, ਐਸਐਮਓ ਡਾ. ਤਪਿੰਦਰਜੋਤ ਕੌਸ਼ਲ ਤੇ ਹੋਰ ਸਟਾਫ ਹਾਜ਼ਰ ਸੀ।