ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ
ਕਿਹਾ, ਕਿਸੇ ਨੂੰ ਵੀ ਵੈਕਸੀਨੇਸ਼ਨ ਤੋਂ ਬਿਨਾਂ ਸਕੂਲ ’ਚ ਡਿਊਟੀ ’ਤੇ ਹਾਜ਼ਰ ਹੋਣ ਦੀ ਆਗਿਆ ਨਹੀਂ
ਜਲੰਧਰ, 11 ਅਗਸਤ 2021
ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਅਗਸਤ ਮਹੀਨੇ ਦੇ ਅੰਤ ਤੱਕ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਸਮੁੱਚੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦਾ ਮੁਕੰਮਲ ਕੋਵਿਡ ਟੀਕਾਕਰਨ (ਦੋਵੇਂ ਖੁਰਾਕਾਂ) ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਚਲਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਜਿਨ੍ਹਾਂ ਨੇ ਇਕ ਜਾਂ ਦੋਵੇਂ ਕੋਵਿਡ ਵੈਕਸੀਨ ਦੀਆਂ ਖ਼ੁਰਾਕਾਂ ਲਗਾ ਲਈਆਂ ਹਨ, ਦੀ ਸੂਚੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿਸੇ ਨੂੰ ਵੀ ਸਕੂਲਾਂ ਵਿੱਚ ਡਿਊਟੀ ‘ਤੇ ਹਾਜ਼ਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਜਦੋਂ ਤੱਕ ਉਹ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲੈਂਦੇ।
ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਦੋ ਦਿਨਾਂ ਦੇ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਤੋਂ ਰਹਿੰਦੇ ਅਧਿਆਪਕਾਂ ਦੀ ਸੂਚਨਾ ਇਕੱਤਰ ਕਰ ਕੇ ਇਸ ਨੂੰ ਗੂਗਲ ਸ਼ੀਟ ’ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਸਬੰਧਿਤ ਸਕੂਲਾਂ ਵਿੱਚ ਕੈਂਪ ਲਗਾਏ ਜਾ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਕੋਵਿਡ ਪ੍ਰੋਟੋਕਾਲ, ਜਿਸ ਵਿੱਚ ਮਾਸਕ ਪਾਉਣਾ, ਹੱਥ ਧੋਣੇ ਅਤੇ ਹੋਰ ਮਾਪਦੰਡ ਸ਼ਾਮਿਲ ਹਨ, ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਸਕੂਲਾਂ ਵਿੱਚ ਆਰਟੀ ਪੀਸੀਆਰ ਟੈਸਟ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।