ਜ਼ਿਲ੍ਹੇ ਦੇ ਨਾਗਰਿਕਾਂ ਨੂੰ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਦਾਨ ਦੇ ਕੇ ਆਪਣਾ ਯੋਗਦਾਨ ਪਾਉਣ ਦੀ ਕੀਤੀ ਅਪੀਲ
ਰੂਪਨਗਰ, 07 ਦਸੰਬਰ 2022
ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ।
ਹੋਰ ਪੜ੍ਹੋ – ਅੰਬੇਡਕਰ ਨੇ ਹਮੇਸ਼ਾ ਔਰਤ ਅਤੇ ਦਲਿਤ ਸਸ਼ਕਤੀਕਰਨ ਤੇ ਜ਼ੋਰ ਦਿੱਤਾ: ਸਾਂਪਲਾ
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੂੰ ਫਲੈਗ ਵੀ ਲਗਾਇਆ ਗਿਆ।
ਡਾ. ਪ੍ਰੀਤੀ ਯਾਦਵ ਨੇ ਸੈਨਾ ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤੀ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਸੂਰਬੀਰ ਸੈਨਿਕਾਂ ਦੀ ਕੁਰਬਾਨੀ ਅਤੇ ਬਹਾਦਰੀ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਅਵਸਰ ਤੇ ਦੇਸ਼ ਵਾਸੀ ਝੰਡਾ ਚਿੰਨ੍ਹ ਲਗਾਕੇ ਅਤੇ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਸੈਨਿਕਾਂ ਪ੍ਰਤੀ ਆਪਣੇ ਸਤਿਕਾਰ ਦਾ ਪ੍ਰਗਟਾਵਾ ਕਰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਨੂੰ ਵੀ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੰਡਾ ਦਿਵਸ ਮੌਕੇ ਦਿੱਤਾ ਗਿਆ ਦਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਖ਼ਰਚਿਆ ਜਾਂਦਾ ਹੈ ਜਿਸ ਵਿੱਚ ਸਾਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਵਾਈਸ ਪ੍ਰੈਜ਼ੀਡੈਂਟ ਸੁਕਾਅਡਰਨ ਲੀਡਰ ਸ.ਹਾਕਮ ਸਿੰਘ ਰਾਹੀ, ਕੈਪਟਨ ਸ. ਅਵਤਾਰ ਸਿੰਘ, ਅਸਿਸਟੈਂਟ ਪ੍ਰੋਫੈਸਰ ਸ.ਗੁਰਪ੍ਰਤਾਪ ਸਿੰਘ, ਅਸਿਸਟੈਂਟ ਪ੍ਰੋਫੈਸਰ ਸ਼੍ਰੀਮਤੀ ਹਰਸਿਮਰਨ ਕੌਰ ਅਤੇ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਾ ਸਟਾਫ ਵੀ ਮੌਜੂਦ ਸਨ।