ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ: ਧਾਲੀਵਾਲ

_Kuldeep Singh Dhaliwal
ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ: ਧਾਲੀਵਾਲ
ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ ਕੀਤਾ ਪਾਈਟੈਕਸ ਦਾ ਦੌਰਾ
ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਉਦਯੋਗਪਤੀ

ਅੰਮ੍ਰਿਤਸਰ 11 ਦਸੰਬਰ 2022

ਪੰਜਾਬ ਦੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਅਗਾਂਹਵਧੂ ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋ ਸਕਦੇ ਹਨ। ਧਾਲੀਵਾਲ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 16ਵੇਂ ਪਾਈਟੈਕਸ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਹੋਰ ਪੜ੍ਹੋ – ਖੇਤੀਬਾੜੀ ਵਿਭਾਗ ਵਲੋਂ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ

ਉਨ੍ਹਾਂ ਕਿਹਾ ਕਿ ਕਿਸਾਨ ਅਤੇ ਉਦਯੋਗਪਤੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ।ਜਿੱਥੇ ਕਿਸਾਨ ਪੇਂਡੂ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਉੱਥੇ ਉਦਯੋਗਪਤੀ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਦੇ ਹੋਏ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਦਾ ਹੈ। ਜੇਕਰ ਦੋਵੇਂ ਇੱਕ ਦੂਜੇ ਦੀਆਂ ਲੋੜਾਂ ਨੂੰ ਸਮਝ ਕੇ ਕੰਮ ਕਰਨ ਤਾਂ ਸੂਬੇ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ।

ਧਾਲੀਵਾਲ ਨੇ ਕਿਹਾ ਕਿ ਜੇਕਰ ਸਨਅਤਕਾਰ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਤਾਂ ਕਿਸਾਨ ਆਰਥਿਕ ਤੌਰ ’ਤੇ ਮਜ਼ਬੂਤ ਹੋਣਗੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਕਿਸਾਨਾਂ ਦੀਆਂ ਮੰਗਾਂ ਨੂੰ ਥੋੜ੍ਹੇ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ, ਉਥੇ ਹੀ ਉਦਯੋਗਾਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਵੀਂ ਸਨਅਤੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਪੇਂਡੂ ਵਿਕਾਸ ਮੰਤਰੀ ਨੇ ਪਾਈਟੈਕਸ ’ਚ ਭਾਗ ਲੈਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਲ ਕਰਨ ਅਤੇ ਰਵਾਇਤੀ ਖੇਤੀ ਨੂੰ ਛੱਡ ਕੇ ਆਧੁਨਿਕ ਖੇਤੀ ਵੱਲ ਵੱਧਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਪੀ.ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਚੇਅਰ ਆਰ. ਐਸ. ਸਚਦੇਵਾ ਨੇ ਮੰਤਰੀ ਧਾਲੀਵਾਲ ਦਾ ਇੱਥੇ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਜਿੱਥੇ ਕਈ ਨਾਮੀ ਕੰਪਨੀਆਂ ਨੇ ਪਾਈਟੈਕਸ ਵਿੱਚ ਆਪਣੇ ਸਟਾਲ ਲਗਾਏ ਹਨ, ਉਥੇ ਕਈ ਅਗਾਂਹਵਧੂ ਕਿਸਾਨ ਅਤੇ ਔਰਤਾਂ ਦੇ ਸੈਲਡ ਹੈਲਪ ਗਰੁੱਪ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ।ਇਸ ਮੌਕੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਕੋ-ਚੇਅਰ ਕਰਨ ਗਿਲਹੋਤਰਾ ਸਮੇਤ ਕਈ ਪਤਵੰਤੇ ਹਾਜ਼ਰ ਸਨ।

Spread the love