ਸਬਸਿਡੀ ਉੱਪਰ ਸੁਪਰ ਸੀਡਰ, ਸਮਾਰਟ ਸੀਡਰ ਜਾਂ ਹੋਰ ਖੇਤੀ ਸੰਦ ਲੈਣ ਵਾਲੇ ਕਿਸਾਨਾਂ ਨੇ ਜੇਕਰ ਪਰਾਲੀ ਨੂੰ ਅੱਗ ਲਗਾਈ ਤਾਂ ਉਨ੍ਹਾਂ ਨੂੰ ਨਹੀਂ ਮਿਲੇਗੀ ਸਬਸਿਡੀ – ਡਿਪਟੀ ਕਮਿਸ਼ਨਰ

ਜਿਹੜੇ ਕਿਸਾਨਾਂ ਦਾ ਸਬਸਿਡੀ ’ਤੇ ਸੰਦ ਲੈਣ ਲਈ ਡਰਾਅ ਨਿਕਲਿਆ ਹੈ ਉਹ ਵੀ ਆਪਣੇ ਖੇਤੀ ਸੰਦ ਜਲਦੀ ਪ੍ਰਾਪਤ ਕਰਨ

ਗੁਰਦਾਸਪੁਰ, 25 ਅਕਤੂਬਰ (             ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਓਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਉੱਪਰ ਵੀ ਬਹੁਤ ਮਾੜਾ ਅਸਰ ਪੈ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਕੋਲੋਂ ਸਬਸਿਡੀ ਉੱਪਰ ਸੁਪਰ ਸੀਡਰ, ਸਮਾਰਟ ਸੀਡਰ ਜਾਂ ਹੋਰ ਖੇਤੀ ਸੰਦ ਲਏ ਹਨ ਜੇਕਰ ਉਨ੍ਹਾਂ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਤਾਂ ਖੇਤੀਬਾੜੀ ਵਿਭਾਗ ਵੱਲੋਂ ਉਨ੍ਹਾਂ ਨੂੰ ਸਬਸਿਡੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਸੰਦ ਰੱਖਣ ਵਾਲੇ ਕਿਸਾਨਾਂ ਨੂੰ ਤਾਂ ਸਗੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕਰਨ ਦੇ ਨਾਲ ਹੋਰ ਕਿਸਾਨਾਂ ਨੂੰ ਵੀ ਵਾਜ਼ਬ ਕਿਰਾਏ ’ਤੇ ਉਹ ਖੇਤੀ ਸੰਦ ਦੇਣ ਤਾਂ ਜੋ ਛੋਟੇ ਕਿਸਾਨਾਂ ਲਈ ਪਰਾਲੀ ਦਾ ਨਿਪਟਾਰਾ ਅਸਾਨ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਾਲ ਜ਼ਿਲ੍ਹੇ ਵਿੱਚ ਬਣਾਈਆਂ ਨਿਗਰਾਨ ਟੀਮਾਂ ਵੱਲੋਂ ਹਰ ਪਿੰਡ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਕੋਲ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪੂਰੀ ਜਾਣਕਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਕੋਲੋਂ ਸਬਸਿਡੀ ਉੱਪਰ ਸੁਪਰ ਸੀਡਰ, ਸਮਾਰਟ ਸੀਡਰ ਜਾਂ ਹੋਰ ਖੇਤੀ ਸੰਦ ਲਏ ਹਨ ਜੇਕਰ ਉਨ੍ਹਾਂ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਤਾਂ ਉਨ੍ਹਾਂ ਨੂੰ ਸਬਸਿਡੀ ਬਿਲਕੁਲ ਨਹੀਂ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸਦੇ ਨਾਲ ਇਹ ਵੀ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਸਬਸਿਡੀ ’ਤੇ ਖੇਤੀ ਸੰਦ ਲੈਣ ਲਈ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਦਾ ਡਰਾਅ ਨਿਕਲਿਆ ਸੀ ਉਹ ਵੀ ਆਪਣੇ ਖੇਤੀ ਸੰਦ ਜਲਦੀ ਤੋਂ ਜਲਦੀ ਖਰੀਦ ਲੈਣ ਤਾਂ ਜੋ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕਰਨ ਵਿੱਚ ਅਸਾਨੀ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀ ਸੰਦ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ।

 

ਹੋਰ ਪੜ੍ਹੋ :-  ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਇਸਨੂੰ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ – ਖੇਤੀਬਾੜੀ ਵਿਭਾਗ

Spread the love