ਨਵੀਨਤਮ ਤਕਨੀਕਾਂ ਅਪਣਾ ਕੇ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਕਿਸਾਨ: ਡਿਪਟੀ ਕਮਿਸ਼ਨਰ

_Farmer Training Camp
ਨਵੀਨਤਮ ਤਕਨੀਕਾਂ ਅਪਣਾ ਕੇ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਕਿਸਾਨ: ਡਿਪਟੀ ਕਮਿਸ਼ਨਰ
ਕਿਹਾ, ਝੋਨੇ ਥੱਲੋਂ ਰਕਬਾ ਘਟਾ ਕੇ ਫਸਲੀ ਵਿਭਿੰਨਤਾ ਅਪਣਾ ਕੇ ਧਰਤੀ ਨੂੰ ਬੰਜਰ ਹੋਣ ਤੋਂ ਬਚਾਇਆ ਜਾਵੇ
ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ, 6 ਅਪ੍ਰੈਲ 2022

ਸਾਉਣੀ ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਬਲਵੀਰ ਚੰਦ ਦੀ ਅਗਵਾਈ ਹੇਠ ਅੱਜ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਵਿਭਾਗ ਵੱਲੋਂ ਇੱਥੇ ਸਿੰਗਲਾ ਪੈਲੇਸ ਵਿਖੇ ਲਗਾਇਆ ਗਿਆ, ਜਿਸ ਵਿੱਚ ਜ਼ਿਲੇ ਭਰ ਦੇ ਕਿਸਾਨਾਂ ਨੇ ਭਾਗ ਲਿਆ।

ਹੋਰ ਪੜ੍ਹੋ :-ਹੁਣ, ਨਾਗਰਿਕ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਨ ਲਈ 1930 ਕਰ ਸਕਦੇ ਹਨ ਡਾਇਲ

 ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਵੱਲੋਂ ਕੀਤਾ ਗਿਆ। ਉਨਾਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ ਤਾਂ ਜੋ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਡਾ. ਬਲਵੀਰ ਚੰੰਦ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਆਉਂਦੀ ਸਾਉਣੀ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਯੋਗ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਉਨਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਉਣੀ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦਾ ਪੂਰਾ ਭੰਡਾਰ ਪੰਜਾਬ ਸਰਕਾਰ ਵੱਲੋਂ ਉਪਲੱਬਧ ਕਰਵਾ ਦਿੱਤਾ ਗਿਆ ਹੈ ਅਤੇ ਚਾਲੂ ਸਮੇਂ ਦੌਰਾਨ ਖਾਦ ਦੀ ਕੋਈ ਵੀ ਕਮੀ ਨਹੀਂ ਆਵੇਗੀ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਡਾ. ਜਰਨੈਲ ਸਿੰਘ ਖੇਤੀਬਾੜੀ ਅਫਸਰ ਮਹਿਲ ਕਲਾਂ ਨੇ ਪਾਣੀ ਦੀ ਖਪਤ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਨਰਮੇ ਦੀ ਬਿਜਾਈ ਤੋਂ ਪਹਿਲਾਂ ਖੇਤਾਂ ਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਣ ਤੇ ਰਹਿੰਦ ਖੂਹਦ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਇਆ ਜਾ ਸਕੇ।
ਉਨਾਂ ਇਹ ਵੀ ਅਪੀਲ ਕੀਤੀ ਕਿ ਖੇਤਾਂ, ਰਾਹਗੀਰਾਂ, ਟੋਭਿਆਂ ਤੇ ਹੋਰ ਥਾਵਾਂ ’ਤੇ ਉੱਗੇ ਨਦੀਨਾਂ ਨੂੰ ਵੀ ਨਸ਼ਟ ਕੀਤਾ ਜਾਵੇ ਤਾਂ ਜੋ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਿਆ ਜਾ ਸਕੇ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਨਵੀਨਤਮ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਗਈ ਹੈ।

ਇਸ ਕੈਂਪ ਵਿੱਚ ਖਾਦਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਡਾ. ਨਵਦੀਪ ਸਿੰਘ ਗਿੱਲ ਇੰਚਾਰਜ ਫਾਰਮ ਸਲਾਹਕਾਰ ਕੈਂਦਰ ਬਰਨਾਲਾ ਦੀ ਅਗਵਾਈ ਹੇਠ ਸਾਇੰਸਦਾਨਾਂ ਦੀ ਟੀਮ ਖੇਤੀਬਾੜੀ ਯੂਨੀਵਰਸੀਟੀ ਲੁਧਿਆਣਾ ਤੋਂ ਵਿਸ਼ੇਸ਼ ਤੌਰ ’ਤੇ ਆਈ ਹੋਈ ਸੀ, ਜਿਸ ਵਿੱਚ ਡਾ. ਅਮਨਦੀਪ ਕੌਰ ਵੱਲੋਂ ਸਾਉਣੀ ਦੀਆਂ ਫਸਲਾਂ ਦੀਆਂ ਉਨਤ ਕਿਸਮਾਂ ਸਬੰਧੀ ਅਤੇ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਸਬੰਧੀ, ਡਾ. ਅਸ਼ੋਕ ਕੁਮਾਰ  ਵੱਲੋਂ ਮਿੱਟੀ ਪਰਖ ਅਤੇ ਖਾਦਾਂ ਦੀ ਯੋਗ ਵਰਤੋਂ ਸਬੰਧੀ, ਡਾ. ਕਮਲਦੀਪ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਕੀੜੇ ਮਕੌੜਿਆਂ ਦੀ ਰੋਕਥਾਮ ਸਬੰਧੀ ਅਤੇ ਡਾ. ਜਗਮੋਹਨ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਢੁਕਵਾਂ ਹੱਲ ਦੱਸਿਆ ਗਿਆ। ਇਨਾਂ ਤੋਂ ਇਲਾਵਾ ਡਾ. ਹਰਦੀਪ ਸਿੰਘ ਡੀ ਡੀ ਬਾਗਬਾਨੀ ਨੇ ਬਾਗਾਂ ਤੇ ਸਬਜ਼ੀਆਂ ਸਬੰਧੀ, ਇੰਜ ਭੁਪਿੰਦਰ ਸਿੰਘ ਨੇ ਭੂਮੀ ਰੱਖਿਆ ਸਬੰਧੀ ਤੇ ਸੁਨੀਲ ਕੁਮਾਰ ਨੇ ਖੇਤੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ।

ਡਾ. ਜਸਕੰਵਲ  ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਖਾਦਾਂ ਅਤੇ ਦਵਾਈਆਂ ਦੀ ਬਿਨਾਂ ਸਿਫਾਰਸ਼ ਵਰਤੋਂ ਕਰਨ ਨਾਲ ਮਿੱਟੀ ਵਿੱਚ ਇਸ ਦਾ ਅੰਸ਼ ਰਹਿਣ ਕਰਕੇ ਮੌਜੂਦਾ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵੱਧ ਤੋਂ ਵੱਧ ਰਕਬਾ ਜੈਵਿਕ ਖੇਤੀ ਅਧੀਨ ਲਿਆ ਕੇ ਕੁਦਰਤੀ ਸਰੋਤਾਂ ਅਤੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਡਾ. ਗੁਰਚਰਨ ਸਿੰਘ ਨੇ ਕਿਸਾਨਾਂ ਨੂੰ ਆਪਣੇ ਖੇਤ ਦੇ ਆਲੇ ਦੁਆਲੇ ਪੌਦੇ ਲਗਾਉਣ ਦੀ ਅਪੀਲ ਕੀਤੀ।
ਡਾ. ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਹਿਣਾ ਨੇ ਮਹਿਮਾਨਾਂ, ਕਿਸਾਨਾਂ, ਸਾਇਸਦਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਵੱਖ ਵੱਖ ਵਿਭਾਗਾਂ, ਅਗਾਂਹਵਧੂ ਕਿਸਾਨਾਂ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਵੀ ਲਗਾਈਆਂ ਗਈਆਂ।    
Spread the love