ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਮੀਟਿੰਗ

SAURABH
ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਮੀਟਿੰਗ
ਸਰਕਾਰੀ ਵਿਭਾਗਾਂ ਵਿੱਚ ਕੰਮ ਕਰਾਉਣ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ: ਕੁਮਾਰ ਸੌਰਭ ਰਾਜ
ਹਰ ਮਹੀਨੇ ਦੀ 15 ਤਰੀਕ ਨੂੰ ਹੋਵੇਗੀ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੀਟਿੰਗ
ਬਰਨਾਲਾ, 15 ਨਵੰਬਰ 2021

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਘੁਲਾਟੀਆਂ/ਉਨਾਂ ਦੇ ਵਾਰਡਾਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਘੁਲਾਟੀਆਂ/ਵਾਰਡਾਂ ਨਾਲ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਆਜ਼ਾਦੀ ਸੰਘਰਸ਼ ‘ਚ ਯੋਗਦਾਨ ਪਾਉਣ ਵਾਲੇ ਅਣਗੌਲੇ ਨਾਇਕਾਂ ਦੀ ਪਹਿਚਾਣ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤਾਂ ਜਾਰੀ

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ। ਇਸ ’ਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ਨੁਮਾਇੰਦਿਆਂ ਨੇ ਆਖਿਆ ਕਿ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਦੇ ਪਛਾਣ ਪੱਤਰ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਦੇ ਨਾਲ ਹੀ ਉਨਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਨੌਜਵਾਨਾਂ ਲਈ ਵਿਸ਼ੇਸ਼ ਰੋਜ਼ਗਾਰ ਉਤਪਤੀ ਕੈਂਪ ਲਾਉਣ ਦੀ ਅਪੀਲ ਕੀਤੀ, ਜਿਸ ’ਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਰੋਜ਼ਗਾਰ ਉਤਪਤੀ ਅਫਸਰ ਨੂੰ ਸਬੰਧਤ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰ ਕੇ ਅਗਲੀ ਕਾਰਵਾਈ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਜ਼ਾਦੀ ਘੁਲਾਟੀਆਂ ਜਾਂ ਉਨਾਂ ਦੇ ਵਾਰਡਾਂ ਨੂੰ ਕਿਸੇ ਵੀ ਮਹਿਕਮੇ ਵਿਚ ਕੰਮ ਕਰਾਉਣ ਬਾਬਤ ਕੋਈ ਮੁਸ਼ਕਲ ਪੇਸ਼ ਨਾ ਆਵੇ।  ਉਨਾਂ ਦੱਸਿਆ ਕਿ ਜ਼ਿਲਾ ਪੱਧਰੀ ਸ਼ਿਕਾਇਤ ਨਿਵਾਰਨ ਮੁਹਿੰਮ ਹਰ ਮਹੀਨੇ ਦੀ 15 ਤਰੀਕ ਨੂੰ ਚਲਾਈ ਜਾਵੇਗੀ। ਜੇਕਰ ਗਜ਼ਟਿਡ ਛੁੱਟੀ ਮਹੀਨੇ ਦੀ 15 ਤਰੀਕ ਨੂੰ ਆਉਂਦੀ ਹੈ ਤਾਂ ਵਿਸ਼ੇਸ਼ ਮੀਟਿੰਗ ਅਗਲੇ ਦਿਨ ਕੀਤੀ ਜਾਵੇਗੀ।

ਇਸ ਮੌਕੇ ਐਸਡੀਐਮ ਤਪਾ ਸਿਮਰਪ੍ਰੀਤ ਕੌਰ, ਡੀਐਸਪੀ (ਹੈਡਕੁਆਰਟਰ) ਰਾਮ ਜੀ, ਆਜ਼ਾਦੀ ਘੁਲਾਟੀਆਂ ਦੀ ਜਥੇਬੰਦੀ ਤੋਂ ਅਹੁਦੇਦਾਰ ਹਰਿੰਦਰ ਸਿੰਘ, ਮਲਕੀਤ ਸਿੰਘ, ਮੇਜਰ ਸਿੰਘ, ਨਵਤੇਜ ਭੱਠਲ, ਨਛੱਤਰ ਸਿੰਘ ਤੇ ਹੋਰ ਅਹੁਦੇਦਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love