ਡਿਪਟੀ ਕਮਿਸ਼ਨਰ ਵੱਲੋਂ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਲੁਧਿਆਣਾ, 31 ਦਸੰਬਰ 2021
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮਾਂ ਸਬੰਧੀ ਫੁਲ ਡਰੈਸ ਰਿਹਰਸਲ 24 ਜਨਵਰੀ, 2022 ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗੀ। 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ, ਡਿਪਟੀ ਕਮਿ਼ਸਨਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਹੋਰ ਪੜ੍ਹੋ :-ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਪੰਜਾਬੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ
ਇਸ ਮੀਟਿੰਗ ਵਿੱਚ ਸੀ.ਏ. ਗਲਾਡਾ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਏ.ਡੀ.ਸੀ.ਪੀ. ਡਾ. ਪ੍ਰਗਿਆ ਜੈਨ, ਏ.ਸੀ.(ਜਨਰਲ) ਸ. ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਅਤੇ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ.ਸ਼ੋਅ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਨੂੰ ਰਾਸ਼ਟਰੀ ਤਿਉਹਾਰ ਵਜੋਂ ਮਨਾਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਲਾਜ਼ਮੀ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।