ਖਿਡਾਰੀਆਂ ਨੂੰ ਸਾਰੀਆਂ ਖੇਡ ਸਹੂਲਤਾਂ ਮੁਹੱਈਆਂ ਕਰਵਾਉਂਣ ਦਾ ਦਿੱਤਾ ਭਰੋਸਾ
ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ ਵਤਨ ਪੰਜਾਬ ਦੀਆਂ : ਕੁਲਵੰਤ ਸਿੰਘ
ਐਸ.ਏ.ਐਸ ਨਗਰ 5 ਸਤੰਬਰ :-
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਆਗਾਜ਼ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਬਹੁ-ਮੰਤਵੀ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਕੀਤਾ ਗਿਆ l ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੀ ਹਾਜ਼ਰ ਸਨ।
ਸੰਬੋਧਨ ਕਰਦੇ ਹੋਏ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਣ ਹੋਰ ਵਧੇਗਾ । ਉਨ੍ਹਾਂ ਆਸ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਤੇਜ਼ੀ ਗਤੀ ਨਾਲ ਹੋਵੇਗਾ । ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਕਰਵਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹਰ ਸਾਲ ਉਤਸ਼ਾਹ ਬਰਕਰਾਰ ਰਹੇ ।
ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਦੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਵੱਡੀਆਂ ਵੱਡੀਆਂ ਪੱਦਵੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ । ਇਸ ਦੌਰਾਨ ਉਨ੍ਹਾਂ ਆਪਣਾ ਆਸ਼ੀਰਵਾਦ ਦਿੰਦੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਦੀਆਂ ਸਾਰੀਆਂ ਖੇਡ ਸਹੂਲਤਾਂ ਸਮੇਂ ਤੇ ਮੁਹੱਈਆਂ ਕਰਵਾਉਂਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਸਾਕਸੀ ਖੇਡ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਰੱਸਾਕਸੀ ਦਾ ਮੁਕਾਬਲਾ ਕਰਵਾਇਆ ਗਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਦੀਪ ਸਿੰਘ ਗੁਜਰਾਲ,ਐੱਸ.ਡੀ.ਐੱਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ,ਪ੍ਰਸ਼ਾਸਨਿਕ ਅਧਿਕਾਰੀ,ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।