ਚੰਡੀਗੜ•, 22 ਫਰਵਰੀ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਦਉੱਨਤੀਆਂ ਸਬੰਧੀ ਰੋਸਟਰ ਰਜਿਸਟਰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈਏਐਸ (ਸੇਵਾਮੁਕਤ) ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜਮ ਮਹਿੰਦਰ ਰਾਜ ਵੱਲੋਂ ਲਿਖਤੀ ਤੌਰ ‘ਤੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਅਨੁਸੂਚਿਤ ਜਾਤੀ ਦੇ ਮੁਲਾਜਮਾਂ ਨੂੰ ਪਦਉੱਨਤੀ ਸਮੇਂ ਰਾਖਵਾਂਕਰਨ ਦਾ ਲਾਭ ਨਹੀਂ ਦਿੱਤਾ ਜਾ ਰਿਹਾ।
ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਨੂੰ ਸੌਂਪੀ ਗਈ ਸੀ ਜਿਹਨਾਂ ਨੇ ਜਾਂਚ ਵਿੱਚ ਸ਼ਿਕਾਇਤ ਨੂੰ ਦਰੁਸਤ ਪਾਇਆ ਜਿਸ ‘ਤੇ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਦੇਸ਼ ਦਿੱਤੇ ਗਏ ਕਿ ਉਹ ਪਦਉੱਨਤੀਆਂ ਵਿੱਚ ਰਾਖਵਾਂਕਰਨ ਨੂੰ ਨਿਯਮਾਂ ਅਨੁਸਾਰ ਲਾਗੂ ਕਰੇ।
ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ‘ਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਸਿੰਡੀਕੇਟ ਤੋਂ 10-02-2020 ਨੂੰ ਪ੍ਰਵਾਨਗੀ ਲੈ ਕੇ ਰਾਖਵਾਂਕਰਨ ਲਾਗੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਕਮਿਸ਼ਨ ਨੂੰ ਲਿਖਤੀ ਤੌਰ ‘ਤੇ ਸੂਚਿਤ ਕੀਤਾ ਗਿਆ ਹੈ ਅਤੇ ਰੋਸਟਰ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ਤੇ ਵੀ ਅਪਲੋਡ ਕਰ ਦਿੱਤਾ ਗਿਆ ਹੈ।