ਸਰਕਾਰੀ ਸਕੂਲ ਦਾ ਨਵਾਂ ਵਰ੍ਹਾ “100 ਰੋਜ਼ਾ ਪੜ੍ਹਨ ਮੁਹਿੰਮ” ਨਾਲ ਹੋਵੇਗਾ ਸ਼ੁਰੂ

SARABJIT SINGH TOOR
ਸਰਕਾਰੀ ਸਕੂਲ ਦਾ ਨਵਾਂ ਵਰ੍ਹਾ "100 ਰੋਜ਼ਾ ਪੜ੍ਹਨ ਮੁਹਿੰਮ" ਨਾਲ ਹੋਵੇਗਾ ਸ਼ੁਰੂ

ਬਰਨਾਲਾ, 31 ਦਸੰਬਰ 2021

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਵੇਂ ਵਰ੍ਹੇ ਤੋਂ 100 ਦਿਨਾਂ ਪੜ੍ਹਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ :-ਚਾਈਲਡ ਲੀਵਿੰਗ ਇੰਨ ਸਟਰੀਟ ਸੈਚੂਏਸਨ ਲਈ ਸਰਵੇ ਕਰਵਾਉਂਣ ਲਈ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਰੀਵਿਓ ਮੀਟਿੰਗ ਕੀਤੀ ਆਯੋਜਿਤ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਰਾਜਵਿੰਦਰ ਕੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੀ ਜਨਵਰੀ ਤੋਂ ਮੁੜ ਖੁੱਲ੍ਹ ਰਹੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਭਾਗੀ ਹਦਾਇਤਾਂ ਅਨੁਸਾਰ 100 ਰੋਜ਼ਾ ਪੜ੍ਹਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਨੋਰਥ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਕਰਨਾ ਅਤੇ ਵਿਦਿਆਰਥੀਆਂ ਦੀਆਂ ਸਾਲਾਨਾ ਵਿੱਦਿਅਕ ਪ੍ਰਾਪਤੀਆਂ ਬਿਹਤਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਦੀਆਂ ਪੜ੍ਹਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਕੀਤੀਆਂ ਗਈਆਂ ਹਨ। ਜਿਸ ਸਦਕਾ ਸਮੂਹ ਸਕੂਲਾਂ ਨੂੰ ਅਗਵਾਈ ਮਿਲੇਗੀ ।ਉਨ੍ਹਾਂ ਸਕੂਲ ਮੁਖੀਆਂ ਅਤੇ ਸਕੂਲ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਿਰਧਾਰਿਤ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਕਿਹਾ।

ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸੰਬੰਧਿਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ।

ਫੋਟੋ ਕੈਪਸ਼ਨ: ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਰਾਜਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ।

Spread the love