ਅੱਜ ਸਾਹਨੇਵਾਲ ਦੇ ਪਿੰਡ ਮੰਡ ਚੌਂਤਾ ਵਿਖੇ ਸਰਕਾਰ ਵੱਲੋਂ 60 ਏਕੜ ਸਰਕਾਰੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ

_Minister Kuldeep Singh Dhaliwal (1)
ਅੱਜ ਸਾਹਨੇਵਾਲ ਦੇ ਪਿੰਡ ਮੰਡ ਚੌਂਤਾ ਵਿਖੇ ਸਰਕਾਰ ਵੱਲੋਂ 60 ਏਕੜ ਸਰਕਾਰੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ
ਸਰਕਾਰੀ ਜ਼ਮੀਨਾਂ ਨੂੰ ਹਰ ਕੀਮਤ ‘ਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਰਿਹਾ ਹੈ – ਕੁਲਦੀਪ ਸਿੰਘ ਧਾਲੀਵਾਲ

ਲੁਧਿਆਣਾ ਵਿੱਚ ਹੁਣ ਤੱਕ ਕੁੱਲ 121 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ

ਸਾਹਨੇਵਾਲ (ਲੁਧਿਆਣਾ) 10 ਮਈ 2022
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ, ਉਨ੍ਹਾਂ ਕਿਹਾ ਕਿ ਪੰਚਾਇਤੀ ਜਮੀਨਾਂ ਤੋਂ ਹਰ ਹਾਲ ਨਾਜਾਇਜ਼ ਕਬਜੇ ਛੁਡਵਾਏ ਜਾਣਗੇ ਭਾਵੇਂ ਇਨ੍ਹਾਂ ਜਮੀਨਾਂ ’ਤੇ ਗਲਤ ਢੰਗ ਨਾਲ ਕਾਬਜ ਲੋਕ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ।

ਹੋਰ ਪੜ੍ਹੋ :-ਬ੍ਰਮ ਸ਼ੰਕਰ ਸ਼ਰਮਾ ਜਿੰਪਾ ਵੱਲੋਂ ਰਾਤ ਨੂੰ ਨਹਿਰਾਂ ਦੀ ਜਾਂਚ, ਕਿਸਾਨਾਂ ਨੂੰ ਟੇਲਾਂ ਤੇ ਪਾਣੀ ਪਹੁੰਚਣ ਦੀ ਉਮੀਦ ਜਾਗੀ

ਕੈਬਨਿਟ ਮੰਤਰੀ ਨੇ ਇਹ ਗੱਲ ਅੱਜ ਸਾਹਨੇਵਾਲ ਸਬ-ਡਵੀਜ਼ਨ ਦੇ ਪਿੰਡ ਮੰਡ ਚੌਂਤਾ ਦੀ 60 ਏਕੜ 4 ਕਨਾਲ 11 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਜੀਵਨ ਸਿੰਘ ਸੰਗੋਵਾਲ, ਏਡੀਸੀ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਡੀਡੀਪੀਓ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 121 ਏਕੜ (ਅੱਜ ਦੀ 60 ਏਕੜ 4 ਕਨਾਲ 11 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਭਰ ਵਿੱਚ ਕਈ ਸੌ ਏਕੜ ਜ਼ਮੀਨ ਖਾਲੀ ਕਰਵਾਈ ਹੈ।

ਉਨ੍ਹਾਂ ਕਿਹਾ ਕਿ ਪਿੰਡ ਮੰਡ ਚੌਂਤਾ ਵਿਖੇ 60 ਏਕੜ 4 ਕਨਾਲ 11 ਮਰਲੇ ਜ਼ਮੀਨ ‘ਤੇ ਸਾਲ 2007 ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਪੰਜਾਬ ਸਰਕਾਰ ਵੇਲੇ ਤੋਂ ਹੀ ਪਿੰਡ ਦੇ ਵੱਖ-ਵੱਖ 18 ਵਿਅਕਤੀਆਂ ਦਾ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ।

ਪਿਛਲੀਆਂ ਸਰਕਾਰਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਵੱਲੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕੋਈ ਠੋਸ ਕਦਮ ਨਾ ਚੁੱਕਣ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ।  ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਮਜ਼ਬੂਤ ‘ਰਾਜਨੀਤਿਕ ਇੱਛਾ ਸ਼ਕਤੀ’ ਦੁਆਰਾ ਯਕੀਨੀ ਬਣਾਇਆ ਜਾ ਸਕੇਗਾ ਜਿਸ ਨੂੰ ਆਮ ਆਦਮੀ ਪਾਰਟੀ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।

ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾ ਰਹੀਆਂ ਜ਼ਮੀਨਾਂ ਦੇ ਵੇਰਵੇ ਦਿੰਦਿਆਂ ਮੰਤਰੀ ਨੇ ਕਿਹਾ ਕਿ ਵਾਹੀਯੋਗ ਜ਼ਮੀਨਾਂ ਨੂੰ ਨਿਯਮਾਂ ਅਨੁਸਾਰ ਖੇਤੀਬਾੜੀ ਲਈ ਲੀਜ਼ ‘ਤੇ ਦਿੱਤਾ ਜਾਵੇਗਾ ਅਤੇ ਵਪਾਰਕ ਜ਼ਮੀਨਾਂ ਨੂੰ ਵਪਾਰ ਅਤੇ ਦੁਕਾਨਾਂ ਦੀ ਉਸਾਰੀ ਲਈ ਵਰਤਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਕੁਝ ਵਿਕਣਯੋਗ ਜ਼ਮੀਨਾਂ ਨੂੰ ਵੇਚਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਾਲ 2010 ਦੀ ਰਿਪੋਰਟ ਅਨੁਸਾਰ 50,000 ਏਕੜ ਤੋਂ ਵੱਧ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ੇ ਹੇਠ ਸਨ, ਮੰਤਰੀ ਨੇ ਕਿਹਾ ਕਿ ਵਿਭਾਗ ਨੂੰ 2021 ਤੱਕ ਨਵੇਂ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਨ੍ਹਾਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਰੱਖਣ ਵਾਲਿਆਂ ਨੂੰ ਜ਼ਮੀਨਾਂ ਖਾਲੀ ਕਰਵਾਉਣ ਦੀ ਅਪੀਲ ਕਰੇਗੀ ਤਾਂ ਜੋ ਇਨ੍ਹਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਇਨ੍ਹਾਂ ਜ਼ਮੀਨਾਂ ਨੂੰ ਮੁਫਤ ਦਿਵਾਉਣ ਲਈ ਸਾਰੇ ਕਾਨੂੰਨੀ ਪਹਿਲੂਆਂ ਦੀ ਪਾਲਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਪੰਚਾਇਤਾਂ ਅਤੇ ਹੋਰ ਲੋਕਾਂ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕਰੇਗੀ, ਜਿਨ੍ਹਾਂ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਇਸ ਮੁਹਿੰਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਬੀ.ਡੀ.ਪੀ.ਓ ਗੁਰਪ੍ਰੀਤ ਸਿੰਘ ਮਾਂਗਟ, ਪੰਚਾਇਤ ਸਕੱਤਰ ਕਮਲਜੀਤ ਸਿੰਘ, ਸਰਪੰਚ ਨਿਰਮਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Spread the love