ਚੰਡੀਗੜ, 19 ਦਸੰਬਰ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ: ਬਲਬੀਰ ਸਿੰਘ ਸਿੱਧੂ ਨੇ ਅੱਜ 96 ਮਲਟੀਪਰਪਜ਼ ਹੈਲਥ ਵਰਕਰਾਂ (ਐਮ. ਪੀ.ਐਚ.ਡਬਲਿਯੂ.) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਕੁੱਲ 200 ਮਨਜ਼ੂਰਸ਼ੁਦਾ ਅਸਾਮੀਆਂ ਵਿਚੋਂ ਅੱਜ 96 ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਅਸਾਮੀਆਂ ਛੇਤੀ ਤੋਂ ਛੇਤੀ ਪੜਾਅਵਾਰ ਢੰਗ ਨਾਲ ਭਰੀਆਂ ਜਾਣਗੀਆਂ। ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਯੋਗਤਾ ਦੇ ਅਧਾਰ ‘ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾ ਰਹੀਆਂ ਹਨ।
ਸ੍ਰੀ ਬਲਬੀਰ ਸਿੰਘ ਸਿੱਧੂ ਨੇ ਨਵੇਂ ਨਿਯੁਕਤ ਹੋਏ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਸ਼ਾਹਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਅਮਲੇ ਨੇ ਪੂਰੀ ਸੁਹਿਰਦਤਾ ਨਾਲ ਆਪਣੀ ਜਿੰਮੇਵਾਰੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਸਾਲ 2017 ਤੋਂ 2019 ਦੌਰਾਨ ਪੈਰਾ ਮੈਡੀਕਲ ਅਤੇ ਮੈਡੀਕਲ ਅਫਸਰਾਂ ਸਮੇਤ ਹੋਰ ਸਟਾਫ਼ ਦੀਆਂ ਕੁੱਲ 7000 ਅਸਾਮੀਆਂ ਭਰੀਆਂ ਗਈਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਪ੍ਰਭਦੀਪ ਕੌਰ ਜੌਹਲ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਹਾਸਲ ਕਰਨ ਵਾਲੇ ਨਵ-ਨਿਯੁਕਤ ਸਟਾਫ਼ ਦਾ ਸਵਾਗਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫੀ ਹੱਦ ਤੱਕ ਕਾਬੂ ਕਰ ਲਿਆ ਗਿਆ ਹੈ ਅਤੇ ਬਿਮਾਰੀ ਦਾ ਅਜੇ ਤੱਕ ਪੂਰੀ ਤਰਾਂ ਖ਼ਾਤਮਾ ਨਹੀਂ ਹੋਇਆ ਹੈ। ਰੋਜ਼ਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਨਾਲ ਨਜਿੱਠਣ ਲਈ ਮਾਸਕ ਪਹਿਨਣਾ ਅਤੇ ਸਮੇਂ- ਸਮੇਂ ‘ਤੇ ਆਪਣੇ ਹੱਥ ਧੋਣੇ ਚਾਹੀਦੇ ਹਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤਾ ਜਾਣਾ ਲਾਜ਼ਮੀ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਮੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਨਿੱਜੀ ਸਹਾਇਕ ਪਰਵਿੰਦਰ ਸਿੰਘ, ਸੁਪਰਡੈਂਟ ਸੂਰਜ ਕੁਮਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।