ਹੁਸ਼ਿਆਰਪੁਰ ਪ੍ਰਸ਼ਾਸ਼ਨ ਵਲੋਂ ਨਿਵੇਕਲੀ ਪਹਿਲ-ਪਿੰਡਾਂ ’ਚ ਕੋਵਿਡ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ

SAMPLING IS BENEFICIAL, NOT HARMFUL: SDM AMIT MAHAJAN

ਪਿੰਡ ਪੋਵਾਲ ਅਤੇ ਰਹਿਸੀਵਾਲ ’ਚ ਲੋਕਾਂ ਨੂੰ ਕੋਵਿਡ ਸੈਪਲਿੰਗ ਲਈ ਵਿਸ਼ੇਸ਼ ਕੈਂਪ ਰਾਹੀਂ ਕੀਤਾ ਜਾਗਰੂਕ 
ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕਰਨਗੀਆਂ ਟੈਸਟਿੰਗ-ਅਪਨੀਤ ਰਿਆਤ
ਕੋਰੋਨਾ ਟੈਸਟਿੰਗ ਸਾਰਿਆਂ ਲਈ ਫਾਇਦੇਮੰਦ ਨਾ ਕਿ ਨੁਕਸਾਨਦੇਹ- ਐਸ.ਡੀ.ਐਮ.
ਹੁਸ਼ਿਆਰਪੁਰ, 10 ਸਤੰਬਰ:
ਕੋਰੋਨਾ ਵਾਇਰਸ ਦੀ ਟੈਸਟਿੰਗ ਨੂੰ ਲੈ ਕੇ ਲੋਕਾਂ ਦੇ ਮਨਾਂ ’ਚ ਪੈਦਾ ਕੀਤੇ ਜਾ ਰਹੇ ਭਰਮ-ਭੁਲੇਖਿਆਂ ਨੂੰ ਦੂਰ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਿਵੇਕਲੀ ਪਹਿਲ ਕਰਦਿਆਂ ਅੱਜ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੀ ਸੈਂਪÇਲੰਗ ਅਤੇ ਟੈਸਟਿੰਗ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ ਕਰਦਿਆਂ ਪਿੰਡ ਪੋਵਾਲ ਅਤੇ ਰਹਿਸੀਵਾਲ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਕੈਂਪ ਲਗਾਏ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀਆਂ ਹਦਾਇਤਾਂ ਉਤੇ ਸ਼ੁਰੂ ਹੋਏ ਇਨ੍ਹਾਂ ਕੈਂਪਾਂ ਦਾ ਉਦੇਸ਼ 100 ਫੀਸਦੀ ਟੈਸਟਿੰਗ ਨੂੰ ਅਮਲ ਵਿੱਚ ਲਿਆਉਂਦਿਆਂ ਕੋਰੋਨਾ ਵਾਇਰਸ ਦੇ ਹੋਰ ਫੈਲਾਅ ਨੂੰ ਸਮੇਂ ਸਿਰ ਠੱਲ੍ਹ ਪਾ ਕੇ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਅਪਨੀਤ ਰਿਆਤ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਜਿਹੇ ਕੈਂਪ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਅਗਵਾਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਸਬੰਧਤ ਪੰਚਾਇਤਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ ਜਿਸ ਨਾਲ ਸਮਾਂ ਰਹਿੰਦਿਆਂ ਸੈਂਪÇਲੰਗ, ਟੈਸਟਿੰਗ ਅਤੇ ਲੋੜੀਂਦਾ ਇਲਾਜ ਅਮਲ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਹੁਣ ਜੇਕਰ ਕੋਈ ਕੋਰੋਨਾ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਉਹ ਆਪਣੇ ਘਰ ਵਿੱਚ ਇਕਾਂਤਵਾਸ ਹੋ ਸਕਦਾ ਹੈ ਜਿਸ ਲਈ ਲੋਕਾਂ ਨੂੰ ਟੈਸਟਿੰਗ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ।
ਪਿੰਡ ਪੋਵਾਲ ਅਤੇ ਰਹਿਸੀਵਾਲ ਦੇ ਗੁਰਦੁਆਰਿਆਂ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ ਜੋ ਖੁਦ ਕੋਰੋਨਾ ’ਤੇ ਫਤਿਹ ਪਾ ਚੁੱਕੇ ਹਨ, ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਸਮਾਂ ਰਹਿੰਦਿਆਂ ਜਨਤਕ ਹਿੱਤਾਂ ਦੇ ਮੱਦੇਨਜ਼ਰ ਕੋਰੋਨਾ ਨੂੰ ਹੋਰ ਫੈਲਣੋ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਟੈਸਟਿੰਗ ਸਾਰਿਆਂ ਲਈ ਬੇਹੱਦ ਫਾਇਦੇਮੰਦ ਹੈ ਅਤੇ ਇਹ ਕਿਸੇ ਵੀ ਪੱਖੋਂ ਨੁਕਸਾਨਦੇਹ ਨਹੀਂ। ਉਨ੍ਹਾਂ ਕਿਹਾ ਕਿ ਕੋਰੋਨਾ ’ਤੇ ਫਤਿਹ ਪਾਉਣਾ ਕੋਈ ਮੁਸ਼ਕਲ ਕੰਮ ਨਹੀਂ ਬਸ਼ਰਤੇ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਸਲਾਹਕਾਰੀਆਂ ਦੀ ਪਾਲਣਾ ਵਿੱਚ ਕੋਈ ਕਸਰ ਨਾ ਰਹੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਹਿੱਤ ਸਾਰਿਆਂ ਨੂੰ ਕੋਰੋਨਾ ਟੈਸਟ ਕਰਾਉਣੇ ਚਾਹੀਦੇ ਹਨ ਜੋ ਕਿ ਪੰਜਾਬ ਸਰਕਾਰ ਵਲੋਂ ਮੁਫ਼ਤ ਵਿੱਚ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੁਣ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਮਕਸਦ ਲਈ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ ਜੋ ਕਿ ਕੋਰੋਨਾ ਨੂੰ ਰੋਕਣ ਲਈ ਬਹੁਤ ਲਾਭਦਾਇਕ ਹੋਵੇਗਾ।
ਕੋਰੋਨਾ ਸਬੰਧੀ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਿਆਂ ਐਸ.ਡੀ.ਐਮ. ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦਾ ਲੱਛਣ ਪਾਇਆ ਜਾਂਦਾ ਹੈ, ਤਾਂ ਉਸ ਨੂੰ ਸੁਚੇਤ ਅਤੇ ਚੌਕਸ ਰਹਿਣ ਦੀ ਲੋੜ ਹੈ ਨਾ ਕਿ ਘਬਰਾਉਣ ਦੀ। ਉਨ੍ਹਾਂ ਕਿਹਾ ਕਿ ਲੋੜੀਂਦੇ ਅਹਿਤਿਆਤ ਵਰਤ ਕੇ ਕੋਰੋਨਾ ਨੂੰ ਮਾਤ ਪਾਈ ਜਾ ਸਕਦੀ ਹੈ ਖਾਸ ਕਰ ਸਹੀ ਢੰਗ ਨਾਲ ਮਾਸਕ ਪਹਿਨ ਕੇ, ਇਕ ਦੂਜੇ ਤੋਂ ਬਣਦੀ ਦੂਰੀ ਬਰਕਰਾਰ ਰੱਖ ਕੇ ਅਤੇ ਭੀੜ-ਭਾੜ ਵਾਲੇ ਥਾਵਾਂ ’ਤੇ ਨਾ ਜਾ ਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸੰਸਥਾਵਾਂ ਵਿੱਚ ਕੋਵਿਡ ਟੈਸਟ ਦੀ ਕੋਈ ਵੀ ਫੀਸ ਨਹੀਂ ਹੈ ਅਤੇ ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕਰਕੇ ਪਾਜੀਟਿਵ ਆਉਣ ਵਾਲੇ ਲੋਕਾਂ ਦੇ ਘਰਾਂ ਦੇ ਬਾਹਰ ਸਟਿੱਕਰ ਲਗਵਾਉਣੇ ਵੀ ਬੰਦ ਕਰਵਾ ਦਿੱਤੇ ਹਨ।
ਇਸੇ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਨੇ ਪਿੰਡ ਵਾਸੀਆਂ ਨੂੰ ਕੋਰੋਨਾ ਦੇ ਟੈਸਟਾਂ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਲੋਕਹਿੱਤ ਵਿੱਚ ਟੈਸਟ ਅਤਿ ਲਾਜ਼ਮੀ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਬਾਕੀ ਪਿੰਡਾਂ ਵਿੱਚ ਵੀ ਲੋਕਾਂ ਨੂੰ ਕੋਵਿਡ ਟੈਸਟਾਂ ਲਈ ਜਾਗਰੂਕ ਕੀਤਾ ਜਾਵੇਗਾ।
ਪਿੰਡ ਪੋਵਾਲ ਦੇ ਸਰਪੰਚ ਪਰਮਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਪਹਿਲ-ਕਦਮੀ ਪਿੰਡਾਂ ਦੇ ਲੋਕਾਂ ਲਈ ਫਾਇਦੇਮੰਦ ਸਾਬਤ ਹੋਵੇਗੀ ਕਿਉਂਕਿ ਹੁਣ ਉਨ੍ਹਾਂ ਦੇ ਟੈਸਟ ਪਿੰਡ ਵਿੱਚ ਹੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕਰ ਦਿੱਤੇ ਜਾਇਆ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਲੈ ਕੇ ਘਬਰਾਉਣ ਦੀ ਨਹੀਂ ਸਗੋਂ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਮੇਂ ਸਿਰ ਟੈਸਟਿੰਗ ਅਤੇ ਇਲਾਜ ਰਾਹੀਂ ਕੋਰੋਨਾ ਨੂੰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕਦਾ ਹੈ।
ਪਿੰਡ ਰਹਿਸੀਵਾਲ ਦੇ ਸਰਪੰਚ ਸ਼ਿਵ ਲਾਲ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਵਲੋਂ ਵੀ ਕੋਰੋਨਾ ਟੈਸਟ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਟੈਸਟ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਸਗੋਂ ਟੈਸਟ ਕਰਵਾਉਣ ਨਾਲ ਹਰ ਕੋਈ ਆਪਣੇ ਆਪ ਨੂੰ, ਆਪਣੇ ਪਰਿਵਾਰ ਨੂੰ ਅਤੇ ਆਪਣੇ ਆਲੇ-ਦੁਆਲੇ ਨੂੰ ਸੁਰੱਖਿਅਤ ਰੱਖ ਸਕਦਾ ਹੈ।
ਸਰਪੰਚ ਸ਼ਿਵ ਲਾਲ ਦੀ ਮੰਗ ’ਤੇ ਐਸ.ਡੀ.ਐਮ. ਅਮਿਤ ਮਹਾਜਨ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੇ ਪਿੰਡ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਟੈਸਟਿੰਗ ਕੀਤੀ ਜਾਵੇਗੀ ਜਿਥੇ ਪਿੰਡ ਵਾਸੀ ਆਪਣਾ ਟੈਸਟ ਕਰਵਾ ਸਕਦੇ ਹਨ।

Spread the love