ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾ ਰਹੀ ਹੈ ਪਾਲਣਾ : ਜ਼ਿਲ੍ਹਾ ਚੋਣ ਅਫ਼ਸਰ

SANDEEP HANS
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

ਪਟਿਆਲਾ, 20 ਜਨਵਰੀ 2022

ਡਿਪਟੀ ਕਮਿਸ਼ਨਰ  ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 25 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ 2022 ਹੋਵੇਗੀ। 02 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 4 ਫਰਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

ਹੋਰ ਪੜ੍ਹੋ :-ਸਵੀਪ ਤਹਿਤ ਪੋਲਿੰਗ ਬੂਥਾਂ ’ਤੇ ਜਾਗਰੂਕਤਾ ਗਤੀਵਿਧੀਆਂ

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਠ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 109-ਨਾਭਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਨਾਭਾ ਕੰਨੂ ਗਰਗ, 110-ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, 111-ਰਾਜਪੁਰਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ, 113-ਘਨੌਰ ਦੇ ਰਿਟਰਨਿੰਗ ਅਫ਼ਸਰ ਏ.ਈ.ਟੀ.ਸੀ. (ਮੁੱਖ ਦਫ਼ਤਰ) ਮਨਜੀਤ ਸਿੰਘ ਚੀਮਾ ਹਨ।

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ-114 ਸਨੌਰ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਜਸਲੀਨ ਕੌਰ ਭੁੱਲਰ, 115-ਪਟਿਆਲਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, 116-ਸਮਾਣਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਸਮਾਣਾ ਟੀ.ਬੈਨਿਥ ਅਤੇ 117-ਸ਼ੁਤਰਾਣਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅੰਕੁਰਜੀਤ ਸਿੰਘ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧ ਵਿਚ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ।