—-ਵਿਧਾਇਕ ਲਾਭ ਸਿੰਘ ਉਗੋਕੇ ਨੇ ਲਹਿਰਾਇਆ ਕੌਮੀ ਝੰਡਾ
—ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੇ ਸ਼ਖ਼ਸੀਅਤਾਂ ਦਾ ਸਨਮਾਨ
ਤਪਾ, 15 ਅਗਸਤ :-
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਤਹਿਸੀਲ ਪੱਧਰੀ ਸਮਾਗਮ ਨਵੀਂ ਅਨਾਜ ਮੰਡੀ ਤਪਾ ਵਿਖੇ ਕਰਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਪੁੱਜੇ, ਜਿਨਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਐਸਡੀਐਮ ਤਪਾ ਗੋਪਾਲ ਸਿੰਘ ਅਤੇ ਡੀਐਸਪੀ ਰਵਿੰਦਰ ਸਿੰਘ ਵੀ ਉਨਾਂ ਨਾਲ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਖੇਤਰ ਵਿਚ ਬਿਹਤਰ ਸੇਵਾਵਾਂ ਦੇਣ ਲਈ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਅੱਜ 75ਵੇਂ ਸੁਤੰਤਰਤਾ ਦਿਵਸ ਦੀ ਵਰੇਗੰਢ ਮੌਕੇ 75 ਆਮ ਆਦਮੀ ਕਲੀਨਿਕ ਪਹਿਲੇ ਪੜਾਅ ’ਚ ਖੋਲੇ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਉਗੋਕ ਵਿਚ ਵੀ ਆਦਮੀ ਆਦਮੀ ਕਲੀਨਿਕ ਖੋਲਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਚਲਾਈ ਗਈ ਹੈ, ਜਿਸ ਵਿਚ ਹਰ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਪੌਦੇ ਲਾਉਣ ਦਾ ਟੀਚਾ ਮਿੱਥਿਆ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਟੀਚੇ ਤੋਂ ਵੱਧ ਪੌਦੇ ਲਾਏ ਜਾ ਰਹੇ ਹਨ।
ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨਾਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਨਾਇਬ ਤਹਿਸੀਲਦਾਰ ਤਪਾ ਜਸਕਰਨ ਸਿੰਘ, ਨਾਇਬ ਤਹਿਸੀਲਦਾਰ ਭਦੌੜ ਹਮੀਸ਼ ਕੁਮਾਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ, ਸਕੂਲੀ ਅਧਿਆਪਕ, ਵਿਦਿਆਰਥੀ ਤੇ ਹੋਰ ਪਤਵੰਤੇ ਹਾਜ਼ਰ ਸਨ।