ਅਧਿਕਾਰੀਆਂ ਨੂੰ ਸਮੇਂ ਸਿਰ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ
ਜਲੰਧਰ, 13 ਅਕਤੂਬਰ 2021
ਮੰਡੀਆਂ ਵਿੱਚੋਂ ਕਿਸਾਨਾਂ ਦੇ ਖ਼ਰੀਦੇ ਗਏ ਅਨਾਜ ਦੇ ਬਦਲੇ ਉਨ੍ਹਾਂ ਨੂੰ 162.09 ਕਰੋੜ ਰੁਪਏ ਦੀ ਅਦਾਇਗੀ ਕਰਕੇ ਜਲੰਧਰ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ ਸੂਬੇ ਭਰ ‘ਚ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੇ 75 ਖਰੀਦ ਕੇਂਦਰਾਂ ਤੋਂ 78057 ਮੀਟ੍ਰਿਕ ਟਨ (ਐਮਟੀ) ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਖ਼ਰੀਦ ਅਤੇ ਲਿਫ਼ਟਿੰਗ ਹੀ ਨਹੀਂ, ਪ੍ਰਸ਼ਾਸਨ ਵੱਲੋਂ ਅਦਾਇਗੀ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਹੁਣ ਤੱਕ 162.09 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਖ਼ਰੀਦ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਸਮੂਹ ਸਬੰਧਤ ਵਿਭਾਗਾਂ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ 78 ਖ਼ਰੀਦ ਕੇਂਦਰਾਂ ‘ਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਜਲੰਧਰ ਵੱਲੋਂ ਖ਼ਰੀਦ ਸੀਜ਼ਨ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਤੁਰੰਤ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਰਦਾਨਾ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।