ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ
ਚੰਡੀਗੜ੍ਹ, 15 ਫ਼ਰਵਰੀ 2024
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।
ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।