ਬਰਨਾਲਾ, 19 ਅਕਤੂਬਰ 2021
ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ ਮਿਤੀ 2 ਅਕਤੂਬਰ ਤੋਂ ਕੀਤੀ ਗਈ ਸੀ। ਇਸਦੇ ਚੱਲਦੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਆਂਗਨਵਾੜੀ ਵਰਕਰਾਂ ਦੇ ਸਹਿਯੋਗ ਨਾਲ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸਦੇ ਅਧੀਨ 20 ਪਿੰਡਾਂ ਨੂੰ ਕਵਰ ਕੀਤਾ ਗਿਆ ਅਤੇ ਉਨ੍ਹਾਂ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਦਿੱਤੀ ਗਈ ਅਤੇ ਪ੍ਰਚਾਰ ਸਮੱਗਰੀ ਵੰਡੀ ਗਈ।
ਹੋਰ ਪੜ੍ਹੋ :-ਸੂਬੇ ਵਿੱਚ ਸੜਕ ਸੁਰੱਖਿਆ ਸਭਿਆਚਾਰ ਨੂੰ ਯਕੀਨੀ ਬਣਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ‘ਤੇ ਜ਼ੋਰ
ਇਸ ਤੋਂ ਇਲਾਵਾ ਸ਼੍ਰੀ ਕੁਲਵੰਤ ਰਾਏ ਗੋਇਲ ਪੈਨਲ ਵਕੀਲ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੇ ਵਿਦਿਆਰਥੀਆਂ ਲਈ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਸਾਡੀ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਘੱਟ ਰਿਹਾ ਹੈ ਜੋ ਕਿ ਅੱਜ ਦੇ ਸਮੇਂ ਦੀ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ ਅਤੇ ਇਸ ਸਬੰਧੀ ਆਪਣੇ ਪਰਿਵਾਰ ਅਤੇ ਆਢ-ਗੁਆਢ ਦੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਲਈ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤਰ੍ਹਾਂ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਬਰਨਾਲਾ ਦੇ ਮਹਿਲ ਕਲਾਂ ਬਲਾਕ ਦੇ ਸਰਕਾਰੀ ਸਕੂਲਾਂ ਵਿੱਚ ਮੁੱਢਲੇ ਅਧਿਕਾਰ ਅਤੇ ਫਰਜ਼ ਆਦਿ ਵਿਸ਼ਿਆ ਤੇ ਪੋਸਟਰ ਮੇਕਿੰਗ, ਸਲੋਗਨ ਰਾਇਟਿੰਗ ਅਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਅੰਤ ਵਿੱਚ ਸ਼੍ਰੀਮਤੀ ਪ੍ਰਤਿਮਾ ਅਰੋੜਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡਾਂ ਦੇ ਆਮ ਲੋਕਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਆਨਲਾਈਨ ਵੈਬੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ ਅੱਜ 20 ਪਿੰਡਾ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਟੋਲ ਫਰੀ ਨੰਬਰ 1968 ਦੀ ਜਾਣਕਾਰੀ ਦਿੱਤੀ ਗਈ ਅਤੇ ਇਸ ਵੈਬੀਨਾਰ ਨਾਲ ਤਕਰੀਬਨ 550 ਲੋਕਾਂ ਨੂੰ ਲਾਭ ਪੁੱਜਾ।