ਸਰਕਾਰੀ ਮਹਿੰਦਰਾ ਕਾਲਜ ਵਿਖੇ ਲੱਗੇ ਕਾਨੂੰਨੀ ਸੇਵਾਵਾਂ ਕੈਂਪ ਦਾ ਵੱਡੀ ਗਿਣਤੀ ਲਾਭਪਾਤਰੀਆਂ ਨੂੰ ਮਿਲਿਆ ਲਾਭ
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਪਿੰਡ ਪੱਧਰ ਤੱਕ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ
ਸਰਕਾਰੀ ਸਕੀਮਾਂ ਦੀ ਜਾਣਕਾਰੀ ਲਈ ਕਿਤਾਬਚਾ ਬਣਾਇਆ ਜਾਵੇਗਾ : ਡਿਪਟੀ ਕਮਿਸ਼ਨਰ
ਕੈਂਪ ਦੌਰਾਨ 200 ਲਾਭਪਾਤਰੀਆਂ ਨੂੰ ਲਗਾਈ ਪੈਨਸ਼ਨ
ਪਟਿਆਲਾ, 9 ਨਵੰਬਰ 2021
ਕਾਨੂੰਨੀ ਸਹਾਇਤਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤੇ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਕਾਨੂੰਨੀ ਸੇਵਾਵਾਂ ਕੈਂਪ ਲਗਾਇਆ ਗਿਆ, ਜਿਸ ਦਾ ਵੱਡੀ ਗਿਣਤੀ ਲਾਭਪਾਤਰੀਆਂ ਨੇ ਲਾਭ ਉਠਾਇਆ। ਕੈਂਪ ਦੌਰਾਨ ਜ਼ਿਲ੍ਹਾ ਦੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਹੋਰ ਪੜ੍ਹੋ :-ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸਨਰ
ਇਸ ਮੌਕੇ ਵੱਡੀ ਗਿਣਤੀ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਦੀ ਨਿਆਂ ਪਾਲਿਕਾ ਤੱਕ ਪਹੁੰਚ ਬਣਾਉਣ ਲਈ 9 ਨਵੰਬਰ 1995 ‘ਚ ਕਾਨੂੰਨੀ ਸੇਵਾਵਾਂ ਐਕਟ ਦੇਸ਼ ‘ਚ ਲਾਗੂ ਕੀਤਾ ਗਿਆ ਸੀ, ਜਿਸ ਦਾ ਮਨੋਰਥ ਲੋੜਵੰਦ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਲੋੜਵੰਦ ਨੂੰ ਜਲਦੀ ਤੇ ਸਸਤਾ ਨਿਆਂ ਮਿਲ ਸਕੇ। ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਪੱਧਰ, ਜ਼ਿਲ੍ਹਾ ਪੱਧਰ ਤੇ ਤਹਿਸੀਲ ਪੱਧਰ ‘ਤੇ ਅਥਾਰਟੀ ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਪਿੰਡ ਪੱਧਰ ਤੱਕ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਵੀ ਕਿਹਾ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਅਜਿਹੇ ਕੈਂਪ ਲਾਭਪਾਤਰੀਆਂ ਨੂੰ ਜਿਥੇ ਸਰਕਾਰੀ ਸਕੀਮਾਂ ਸਬੰਧੀ ਜਾਗਰੂਕ ਕਰਦੇ ਹਨ, ਉਥੇ ਹੀ ਕਾਨੂੰਨੀ ਅਧਿਕਾਰਾਂ ਸਬੰਧੀ ਵੀ ਜਾਣਕਾਰੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਆਸਾਨ ਭਾਸ਼ਾ ‘ਚ ਆਮ ਲੋਕਾਂ ਨੂੰ ਦੱਸਣ ਲਈ ਇਕ ਕਿਤਾਬਚਾ ਬਣਾਇਆ ਜਾਵੇਗਾ ਤਾਂ ਜੋ ਹਰੇਕ ਲਾਭਪਾਤਰੀ ਨੂੰ ਪਤਾ ਹੋਵੇ ਕਿ ਉਹ ਕਿਸ ਸਕੀਮ ਹੇਠ ਕਵਰ ਹੁੰਦਾ ਹੈ। ਉਨ੍ਹਾਂ ਕਿਹਾ ਅੱਜ ਦੇ ਕੈਂਪ ‘ਚ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦਾ ਪੁੱਜਦਾ ਕਰਨ ਲਈ ਸਟਾਲ ਲਗਾਏ ਗਏ ਹਨ, ਜਿਥੇ ਮੌਕੇ ‘ਤੇ ਹੀ ਫਾਰਮ ਭਰਕੇ ਕੇਸ ਤਿਆਰ ਕਰਨ ਸਮੇਤ ਲਾਭ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਿੰਦਰ ਕੌਰ ਨੇ ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਜ ਦੇ ਇਸ ਕੈਂਪ ‘ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 200 ਨਵੇਂ ਲਾਭਪਾਤਰੀਆਂ ਨੂੰ ਪੈਨਸ਼ਨ ਲਗਾਈ ਗਈ ਹੈ, ਜਿਸ ‘ਚ 167 ਬੁਢਾਪਾ ਪੈਨਸ਼ਨ ਤੇ 33 ਵਿਧਾਵਾ ਪੈਨਸ਼ਨ ਲਗਾਈਆਂ ਗਈਆਂ ਹਨ ਤੇ 50 ਵਿਅਕਤੀਆਂ ਵੱਲੋਂ ਪੈਨਸ਼ਨ ਦੇ ਫਾਰਮ ਭਰੇ ਗਏ ਹਨ। ਇਸ ਤੋਂ ਇਲਾਵਾ 11 ਲੇਬਰ ਕਾਰਡ ਜਾਰੀ ਕੀਤੀ ਗਏ ਅਤੇ 5-5 ਮਰਲਾ ਸਕੀਮ ਤਹਿਤ 11 ਲਾਭਪਾਤਰੀਆਂ ਨੂੰ ਮੰਨਜ਼ੂਰੀ ਪੱਤਰ ਸੌਂਪੇ ਗਏ ਤੇ ਮੌਕੇ ‘ਤੇ 30 ਆਯੂਸ਼ਮਾਨ ਕਾਰਡ ਬਣਾਏ ਗਏ ਹਨ।
ਕੈਂਪ ਦੌਰਾਨ 60 ਉਮੀਦਵਾਰਾਂ ਵੱਲੋਂ ਸਕਿੱਲ ਡਿਵੈਲਪਮੈਂਟ ਕੋਰਸ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਕਿਰਤ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰੀ ਸਭਾਵਾਂ, ਵੱਲੋਂ ਆਪਣੇ ਅਧੀਨ ਚਲਾਈਆਂ ਜਾਂਦੀਆਂ ਸਕੀਮਾਂ ਦੇ ਫਾਰਮ ਭਰਵਾਏ ਗਏ ਹਨ। ਇਸ ਮੌਕੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਖੁਰਾਕ ਸਪਲਾਈ, ਲੀਡ ਬੈਂਕ, ਐਸ.ਸੀ ਤੇ ਬੀ.ਸੀ. ਕਾਰਪੋਰੇਸ਼ਨ, ਸਹਿਕਾਰੀ ਸਭਾਵਾਂ ਵੱਲੋਂ ਸਟਾਲ ਲਗਾਕੇ ਲਾਭਪਤਾਰੀਆਂ ਦੇ ਫਾਰਮ ਭਰਵਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਕੋਵਿਡ ਟੀਕਕਾਰਨ ਕੈਂਪ ਤੇ ਸਵੀਪ ਵੱਲੋਂ ਵੋਟਰ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ 100 ਬੱਚਿਆਂ ਨੂੰ ਜਨ ਹਿਤ ਸਮਿਤੀ ਦੇ ਸਹਿਯੋਗ ਨਾਲ ਸਕੂਲ ਬੈਗ ਤੇ ਖਾਲਸਾ ਏਡ ਵੱਲੋਂ 7 ਵੀਲ ਚੇਅਰ ਤੇ ਸਿਹਤ ਵਿਭਾਗ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 11 ਦਸੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ।
ਕੈਂਪ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਐਚ.ਐਸ ਗਰੇਵਾਲ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਡੀ.ਐਸ.ਐਸ.ਓ ਵਰਿੰਦਰ ਸਿੰਘ ਟਿਵਾਣਾ, ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਤ ਕੌਰ, ਡਾ. ਮੀਨੂੰ, ਸੰਜੀਵ ਮਹਿਤਾ, ਐਸ.ਐਸ. ਛਬੜਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਾਲਜ ਦਾ ਸਟਾਫ਼ ਮੌਜੂਦ ਸੀ।
ਕੈਪਸ਼ਨ : ਜ਼ਿਲ੍ਹਾ ਦੇ ਸੈਸ਼ਨਜ ਜੱਜ ਸ੍ਰੀ ਰਾਜਿੰਦਰ ਅਗਰਵਾਲ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਕੈਂਪ ਦੌਰਾਨ ਲੱਗੀਆਂ ਸਟਾਲਾਂ ਦਾ ਦੌਰਾ ਕਰਦੇ ਹੋਏ, ਉਨ੍ਹਾਂ ਦੇ ਨਾਲ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਐਚ.ਐਸ ਗਰੇਵਾਲ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ ਤੇ ਸੀ.ਜੇ.ਐਮ ਪਰਮਿੰਦਰ ਕੌਰ ਵੀ ਨਜ਼ਰ ਆ ਰਹੇ ਹਨ।