ਮੰਡੀਆਂ ਵਿੱਚ ਨਿਰਵਿਘਨ ਹੋ ਰਹੀ ਹੈ ਝੋਨੇ ਦੀ ਖਰੀਦ, ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ
ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ 1631.54 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ, 947622 ਮੀ: ਟਨ ਝੋਨੇ ਦੀ ਖਰੀਦ
ਫਿਰੋਜ਼ਪੁਰ, 3 ਨਵੰਬਰ 2022
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੇ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨ, ਆੜ੍ਹਤੀ, ਲੇਬਰ ਤੇ ਵਪਾਰੀ ਸਮੇਤ ਹਰ ਵਰਗ ਪੂਰੀ ਤਰ੍ਹਾਂ ਸਤੁੰਸ਼ਟ ਤੇ ਖੁਸ਼ ਹੈ। ਕਿਸਾਨਾਂ ਦੇ ਮੰਡੀਆਂ ਵਿੱਚ ਆਉਣ ਸਾਰ ਹੀ ਉਨ੍ਹਾਂ ਦੀ ਫਸਲ ਦੀ ਵਿਕਰੀ ਹੋ ਰਹੀ ਹੈ ਅਤੇ ਕਿਸਾਨਾਂ ਦੀ ਖਰੀਦੀ ਗਈ ਫਸਲ ਦੀ ਅਦਾਇਗੀ ਵੀ ਮਿੱਥੇ ਸਮੇਂ ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸ੍ਰੀ ਰਜ਼ਨੀਸ ਦਹੀਯਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਹੋਰ ਪੜ੍ਹੋ – 73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ
ਸ੍ਰੀ ਦਹੀਯਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਤੇ ਸਾਥੀ ਵਿਧਾਇਕਾਂ ਨਾਲ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ, ਜਿਸ ਦੌਰਾਨ ਕਿਸਾਨਾਂ, ਆੜ੍ਹੜੀਆਂ, ਲੇਬਰ, ਪ੍ਰਾਈਵੇਟ ਵਪਾਰੀਆਂ ਨੇ ਵੀ ਖਰੀਦ ਪ੍ਰਬੰਧਾਂ ਤੇ ਸਤੁੰਸ਼ਟੀ ਜ਼ਾਹਰ ਕਰਦਿਆਂ ਕੀਤੇ ਗਏ ਖਰੀਦ ਪ੍ਰਬੰਧਾਂ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੇ ਗਏ ਝੋਨੇ ਦੀ ਅਦਾਇਗੀ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਨਾਲੋਂ-ਨਾਲ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਕੱਲ੍ਹ ਸ਼ਾਮ ਤੱਕ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ 1631.54 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 947622 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਨੇ 344693 ਮੀਟਰਕ ਟਨ, ਮਾਰਕਫੈੱਡ ਨੇ 256544 ਮੀਟਰਕ ਟਨ, ਪਨਸਪ ਨੇ 195951 ਨੇ ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 148182 ਮੀਟਰਕ ਟਨ, ਭਾਰਤੀ ਖਾਧ ਨਿਗਮ 15 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2237 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।