ਹਲਕੇ ਦੇ ਵਸਨੀਕਾਂ ਨੇ ਵੀ ਪਹਿਲਕਦਮੀ ‘ਤੇ ਪ੍ਰਗਟਾਈ ਤਸੱਲੀ
ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 24 ਦਸੰਬਰ 2022
ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨੋ ਰਾਹੀਂ ਬੀਤੇ ਕੱਲ ਵਾਰਡ ਨੰਬਰ 42 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ।
ਹੋਰ ਪੜ੍ਹੋ – ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਮਾਪੇ-ਅਧਿਆਪਕ ਮਿਲਣੀ
ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾ ਦੇ ਘਰੋ-ਘਰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।
ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਹਲਕੇ ਦੇ ਵਸਨੀਕਾਂ ਵਲੋਂ ਵੀ ਵਿਧਾਇਕ ਸਿੱਧੂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ‘ਤੇ ਤਸੱਲੀ ਪ੍ਰਗਟਾਈ ਗਈ ਹੈ।