ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ
ਰੂਪਨਗਰ, 25 ਜਨਵਰੀ 2022
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ 25 ਜਨਵਰੀ 2011 ਤੋਂ ਮਨਾਏ ਜਾ ਰਹੇ ਇਸ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ ਵੋਟ ਸਾਡੇ ਸੰਵਿਧਾਨ ਦੁਆਰਾ ਦਿੱਤੇ ਸਭ ਤੋਂ ਵੱਡੇ ਸਾਧਨਾਂ ਵਿੱਚੋਂ ਇੱਕ ਹੈ।
ਹੋਰ ਪੜ੍ਹੋ :-ਖਰਚਾ ਆਬਜ਼ਰਵਰਾਂ ਵਲੋਂ ਵੀਡੀਓ ਕਾਨਫਰੰਸ ਰਾਹੀਂ ਚੋਣ ਪ੍ਰਕਿਆ ਦਾ ਜਾਇਜ਼ਾ
ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਹੈ ਅਤੇ ਹਰੇਕ ਵਿਅਕਤੀ ਨੂੰ ਇਹ ਫਰਜ਼ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਅਧਿਕਾਰਾਂ ਦੀ ਰਾਖੀ ਯਕੀਨੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤ ਵਰਗੇ ਆਜ਼ਾਦ ਦੇਸ਼ ਵਿੱਚ ਰਹਿ ਕੇ ਮਾਣ ਮਹਿਸੂਸ ਕਰਦੇ ਹਾਂ, ਪਰ ਸਾਨੂੰ ਸਾਰਿਆਂ ਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਭਾਰਤ ਨੂੰ ਬਹੁਤ ਸੰਘਰਸ਼ ਤੋਂ ਬਾਅਦ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਜੋ ਕਿ ਸਾਡਾ ਫਰਜ਼ ਵੀ ਹੈ।