ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਨਵੰਬਰ 2024 

ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮਨਿੰਦਰ ਸਿੰਘ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ।

ਨਵ ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਸਦਕਾ ਉਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਸਕੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚੋਂ ਪਹਿਲੀ ਸਰਕਾਰੀ ਮੁਲਾਜ਼ਮ ਹੈ ਜੋ ਉਸ ਲਈ ਅਤੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਜਜ਼ਬਾਤੀ ਲਹਿਜ਼ੇ ਵਿੱਚ ਕਿਹਾ, ” ਮੇਰੀ ਮਾਂ ਕੈਂਸਰ ਦੀ ਮਰੀਜ਼ ਹੈ ਅਤੇ ਮੈਨੂੰ ਅੱਜ ਸਰਕਾਰੀ ਨੌਕਰੀ ਮਿਲਣਾ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਦਾ ਸਭ ਤੋਂ ਵੱਡਾ ਤੋਹਫਾ ਹੈ। ਮੈਨੂੰ ਖੁਸ਼ੀ ਹੈ ਕਿ ਸਮੁੱਚੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ।”

ਨਵ ਨਿਯੁਕਤ ਮਹਿਲਾ ਪੁਲਿਸ ਕਰਮੀ ਜਸਬੀਰ ਕੌਰ ਨੇ ਕਿਹਾ ਕਿ ਫੋਰਸ ਵਿੱਚ ਸ਼ਾਮਲ ਹੋਣਾ ਉਸ ਲਈ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹੈ ਕਿ ਉਨ੍ਹਾਂ ਨੂੰ ਇਹ ਸਭ ਤੋਂ ਵੱਡੀ ਸੌਗਾਤ ਦਿੱਤੀ ਗਈ ਹੈ ਕਿਉਂਕਿ ਇਹ ਨੌਕਰੀ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਾਂਗ ਹੈ।

ਕਾਂਸਟੇਬਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਾਬਕਾ ਫੌਜੀ ਹੈ ਅਤੇ ਇਸ ਨੌਕਰੀ ਲਈ ਚੁਣਿਆ ਜਾਣਾ ਉਸ ਲਈ ਮਾਣ ਵਾਲੇ ਪਲ ਹਨ। ਉਸ ਨੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਵਾਸਤੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਕ ਹੋਰ ਕਾਂਸਟੇਬਲ ਸ਼ਰਨਜੀਤ ਕੌਰ ਨੇ ਕਿਹਾ ਕਿ ਉਹ ਇਹ ਨੌਕਰੀ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰ ਰਹੀ ਸੀ ਪਰ ਮੁੱਖ ਮੰਤਰੀ ਵੱਲੋਂ ਹਰ ਸਾਲ ਭਰਤੀ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਉਸ ਲਈ ਆਪਣਾ ਸੁਪਨਾ ਸਾਕਾਰ ਕਰਨਾ ਸੰਭਵ ਹੋ ਸਕਿਆ। ਉਸ ਨੇ ਭਰਤੀ ਲਈ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਲਈ ਇਸ ਵਿਲੱਖਣ ਉਪਰਾਲੇ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Spread the love