ਲੁਧਿਆਣਾ, 14 ਜੁਲਾਈ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ }ੋਰ ਦੇ ਕੇ ਕਿਹਾ ਕਿ ਸਿਰਫ ਟੀਕਾਕਰਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ, ਜਿਸ ਵਿੱਚ ਮਾਸਕ ਪਹਿਨਣਾ, ਸਰੀਰਕ ਦੂਰੀ ਬਣਾਈ ਰੱਖਣੀ ਅਤੇ ਹੱਥਾਂ ਦੀ ਚੰਗੀ ਤਰ੍ਹਾਂ ਸਫਾਈ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਏਗੀ।
ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿਚ ਲੁਧਿਆਣਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਲੋਕ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਲਗਾਤਾਰ ਪਾਲਣਾ ਕਰਨ ਦੇ ਨਾਲ-ਨਾਲ ਵੈਕਸੀਨ ਵੀ ਲਗਵਾਉਂਦੇ ਹਨ, ਤਾਂ ਸੰਭਾਵਿਤ ਤੀਜੀ ਲਹਿਰ ਦਾ ਉਨ੍ਹਾਂ ਦੇ ਜੀਵਨ ‘ਤੇ ਕੋਈ ਅਸਰ ਨਹੀਂ ਪਵੇਗਾ।
ਉਨ੍ਹਾਂ ਕਿਹਾ ਕਿ ਬੇਸ਼ਕ ਕੋਵਿਡ ਪੋਜ਼ਟਿਵ ਕੇਸਾਂ ਵਿੱਚ ਭਾਰੀ ਗਿਰਾਵਟ ਆਈ ਹੈ, ਪਰ ਸਾਨੂੰ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਵਿਗਿਆਨੀਆਂ ਅਤੇ ਮਾਹਰ ਡਾਕਟਰਾਂ ਵੱਲੋਂ ਵਾਰ-ਵਾਰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਬਾਜਾਰਾਂ ਵਿੱਚ ਵੱਧ ਰਿਹਾ ਭੀੜ-ਭੜੱਕਾ ਇਸ ਮਹਾਂਮਾਰੀ ਨੂੰ ਮੁੜ ਬੁਲਾਵਾ ਦੇ ਸਕਦਾ ਹੈ।
ਜ਼ਿਲ੍ਹੇ ਨੂੰ ਟੀਕਾਕਰਨ ਵਿੱਚ ਪਹਿਲੇ ਪਾਏਦਾਨ ‘ਤੇ ਲਿਜਾਣ ਲਈ ਵਸਨੀਕਾਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਹੁਣ ਤੱਕ 13.50 ਲੱਖ ਦੇ ਕਰੀਬ ਲੋਕਾਂ ਨੇ ਵੈਕਸੀਨ ਲਗਵਾ ਲਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜਦੋਂ ਵੀ ਵੈਕਸੀਨ ਉਪਲੱਬਧ ਹੁੰਦੀ ਹੈ ਤਾਂ ਲੋਕਾਂ ਨੂੰ ਅੱਗੇ ਆ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਜੋਕਿ ਇਸ ਮਹਾਂਮਾਰੀ ਦੀ ਪਸਾਰ ਲੜੀ ਨੂੰ ਤੋੜਨ ਵਿਚ ਸਹਾਈ ਹੋਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਾਰੀ ਗਿਣਤੀ ਵਿੱਚ ਟੀਕਾਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਖਾਸ ਕਰਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਟੀਕਾਕਰਨ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ‘ਤੇ ਜੋਰ ਦਿੱਤਾ।
ਸਕੂਲ ਖੁੱਲ੍ਹਣ ਸੰਬੰਧੀ ਕੁਝ ਵਸਨੀਕਾਂ ਦੇ ਪ੍ਰਸ਼ਨਾਂ ‘ਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਫੀਡਬੈਕ ਸਰਕਾਰ ਨੂੰ ਭੇਜੇਗਾ ਅਤੇ ਉਮੀਦ ਜ਼ਾਹਰ ਕੀਤੀ ਕਿ ਜਲਦ ਹੀ ਸਕੂਲ ਖੋਲ੍ਹ ਦਿੱਤੇ ਜਾਣਗੇ।