ਰੂਪਨਗਰ 22 ਸਤੰਬਰ 2021
ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਬਾਅਦ ਅਤੇ ਸਵੇਰੇ 10.00 ਵਜੇ ਤੋਂ ਪਹਿਲਾਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਨ ਦੀ ਪਾਬੰਦੀ ਲਗਾ ਦਿੱਤੀ ਗਈ ਹੈ ਕਿਉਂਕਿ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਅੱਧ ਸੁੱਕੇ ਝੋਨੇ ਦੀ ਕਟਾਈ ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਕੱਟੀ ਗਈ ਝੋਨੇ ਦੀ ਨਾੜ/ਖੇਤੀਬਾੜੀ ਦੀ ਰਹਿੰਦ-ਖੂੰਹਦ ਨੂੰ ਕਿਸੇ ਵੀ ਸਮੇਂ ਅੱਗ ਲਗਾ ਕੇ ਸਾੜਨ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸ੍ਰੀਮਤੀ ਸੋਨਾਲੀ ਗਿਰੀ, ਜਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਇਹ ਹੁਕਮ ਜਾਰੀ ਕੀਤੇ ਹਨ। ਇੰਨਾਂ ਹੁਕਮਾਂ ਦੇ ਅਨੁਸਾਰ ਕੰਬਾਇਨ ਚੱਲਣ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 7.00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ।
ਹੋਰ ਪੜ੍ਹੋ :-ਕੰਬਾਈਨਾਂ ‘ਤੇ ਲੱਗੇ ਸੁਪਰ ਐਸ.ਐਮ.ਐਸ ਸਿਸਟਮ ਵਰਦਾਨ ਸਾਬਤ ਹੋਣ ਲੱਗੇ
ਇਸ ਦੇ ਨਾਲ ਹੀ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਜਿੰਨਾਂ ਵਿਚ ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਹੋਏ ਚਾਵਲ ਦੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵਧ ਜਾਂਦੀ ਹੈ, ਅਜਿਹੀਆਂ ਕੰਬਾਇਨਾਂ ਚਲਾਉਣ ਤੋਂ ਵੀ ਰੋਕ ਲਗਾਈ ਹੈ। ਸਾਰੀਆਂ ਕੰਬਾਇਨਾਂ ਬਿਓਰੋ ਆਫ ਇੰਡੀਅਨ ਸਟੈਂਡਰਡ ਸਰਟੀਫਿਕੇਟ ਮੁਤਾਬਕ ਹੀ ਹੋਣੀਆਂ ਚਾਹੀਦੀਆਂ ਹਨ। ਕੋਈ ਵੀ ਕੰਬਾਇਨ ਹਾਰਵੇਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਹੀਂ ਵਰਤਿਆ ਜਾਵੇ।
ਜੇਕਰ ਕੋਈ ਵਿਅਕਤੀ ਸ਼ਾਮ 7.00 ਵਜੇ ਤੋਂ ਬਾਅਦ ਅਤੇ ਸਵੇਰੇ 10.00 ਵਜੇ ਤੋਂ ਪਹਿਲਾਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਦਾ ਪਾਇਆ ਗਿਆ ਤਾਂ ਉਸ ਦੀ ਕੰਬਾਇਨ 7 ਦਿਨਾਂ ਲਈ ਜਬਤ ਕਰ ਲਈ ਜਾਵੇਗੀ। ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ, ਮੁੱਖ ਖੇਤੀਬਾੜੀ ਅਫਸਰ ਰੂਪਨਗਰ, ਤਹਿਸੀਲਦਾਰ ਰੂਪਨਗਰ/ਸ੍ਰੀ ਚਮਕੌਰ ਸਾਹਿਬ/ਮੋਰਿੰਡਾ/ਸ੍ਰੀ ਅਨੰਦਪੁਰ ਸਾਹਿਬ/ਨੰਗਲ ਜ਼ੁੰਮੇਵਾਰ ਹੋਣਗੇ।
ਇਹ ਹੁਕਮ 19 ਨਵੰਬਰ 2021 ਤੱਕ ਲਾਗੂ ਰਹਿਣਗੇ।