ਡਿਪਟੀ ਕਮਿਸ਼ਨਰ ਨੇ ਪ੍ਰਕਾਸ਼ ਉਤਸਵ ਸਬੰਧੀ ਲੋੜੀਂਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ, ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ
ਜਲੰਧਰ, 10 ਫਰਵਰੀ 2022
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।ਉਹ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਨੂੰ ਲੈ ਕੇ ਲੋੜੀਂਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ।
ਹੋਰ ਪੜ੍ਹੋ :-ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਭਗਵੰਤ ਮਾਨ
ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਡੀ.ਸੀ.ਪੀ. ਜਸਕਿਰਨ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 16 ਫਰਵਰੀ ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਇਸ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ, ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ ਤਾਂ ਜੋ ਪ੍ਰਬੰਧਾਂ ਪਖੋਂ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ ।
ਮੀਟਿੰਗ ਵਿੱਚ ਨਗਰ ਨਿਗਮ ਜਲੰਧਰ ਨੂੰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਸਜਾਵਟ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸਿਹਤ ਵਿਭਾਗ ਨੂੰ ਸਪੈਸ਼ਲ ਮੈਡੀਕਲ ਟੀਮਾਂ, ਐਂਬੂਲੈਂਸ ਤਾਇਨਾਤ ਕਰਨ ਸਮੇਤ ਫਾਇਰ ਵਿਭਾਗ ਨੂੰ ਫਾਇਰ ਬ੍ਰਿਗੇਡ ਦੇ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਜਥੇਬੰਦੀਆਂ ਦੇ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਕਾਸ਼ ਉਤਸਵ ਨੂੰ ਪੂਰੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਮਨਾਉਣ ਲਈ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।