ਉਮੀਦਵਾਰ ਵੀ ਸਹਿਮਤੀ ਤੋਂ ਬਿਨਾਂ ਇਸ਼ਤਿਹਾਰਬਾਜ਼ੀ ਕਰਨਾ ਧਾਰਾ 171 ਐੱਚ ਦੀ ਉਲਘੰਣਾ, ਅਜਿਹਾ ਕਰਨ ਤੇ ਪ੍ਰਕਾਸ਼ਕ ਖਿਲਾਫ਼ ਹੋਵੇਗੀ ਕਾਰਵਾਈ
ਫਾਜ਼ਿਲਕਾ 6 ਜਨਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿਟਿੰਗ ਪ੍ਰੈਸਾਂ ਵਾਲਿਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਲਈ ਪ੍ਰਚਾਰ ਸਮੱਗਰੀ ਦੀ ਪ੍ਰਕਾਸ਼ਨਾ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਯਕੀਨੀ ਬਣਾਉਣ।
ਹੋਰ ਪੜ੍ਹੋ :-ਅਜੈ ਸ਼ਰਮਾ ਪੰਜਾਬ ਐਗਰੋ ਫੂਡਗ੍ਰੇਨਜ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ
ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਲੋਕ ਨੁਮਾਇੰਦੀ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਫਲਟ ਜਾਂ ਪੋਸਟਰ ਤਦ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤੱਕ ਉਸ ਤੇ ਪਿ੍ਰੰਟਰ ਅਤੇ ਪਬਲਿਸ਼ਰ ਦਾ ਨਾਮ ਅਤੇ ਪਤਾ ਦਰਜ ਨਾ ਹੋਵੇ।ਇਸੇ ਤਰ੍ਹਾਂ ਪ੍ਰਕਾਸ਼ਕ ਵਲੋਂ ਇਕ ਨਿਰਧਾਰਤ ਫਾਰਮ ਵਿੱਚ ਘੋਸ਼ਣਾ ਪੱਤਰ ਲਿਆ ਜਾਵੇਗਾ ਜੋ ਕਿ ਦੋ ਪਰਤਾਂ ਵਿੱਚ ਪ੍ਰਿੰਟਰ ਨੂੰ ਹਸਤਾਖ਼ਰ ਕਰਕੇ ਦੇਵੇਗਾ ਜਿਸ ਤੇ ਦੋ ਗਵਾਹਾਂ ਦੇ ਹਸਤਾਖ਼ਰ ਵੀ ਹੋਣ। ਪ੍ਰਕਾਸ਼ਨਾ ਤੋਂ ਤੁਰੰਤ ਬਾਅਦ ਪ੍ਰਿੰਟਰ ਛਾਪੀ ਗਈ ਸਮੱਗਰੀ ਅਤੇ ਪ੍ਰਕਾਸ਼ਕ ਦੇ ਘੋਸ਼ਣਾ ਪੱਤਰ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਏਗਾ। ਇਨ੍ਹਾਂ ਹਦਾਇਤਾਂ ਦੀ ਉਲਘੰਣਾ ਕਰਨ ਤੇ ਛੇ ਮਹੀਨੇ ਦੀ ਕੈਦ ਜਾਂ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੌਰਾਨ ਅਨਜਾਣ ਲੋਕਾਂ ਦੇ ਨਾਮ ਤੇ ਉਮੀਦਵਾਰ ਜਾਂ ਪਾਰਟੀਆਂ ਲਈ ਇਸ਼ਤਿਹਾਰਬਾਜ਼ੀ ਕੀਤੀ ਜਾਂਦੀ ਹੈ ਜੋ ਕਿ ਕਾਨੂੰਨ ਦੇ ਉਲਟ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਪ੍ਰਿੰਟ ਮੀਡੀਆ ਜਾਂ ਹੋਰ ਕਿਸੇ ਤਰੀਕੇ ਨਾਲ ਕੀਤੀ ਗਈ ਇਸ਼ਤਿਹਾਰਬਾਜ਼ੀ ਦਾ ਖਰਚਾ ਲੋਕ ਨੁਮਾਇੰਦੀ ਐਕਟ 1951 ਦੀ ਧਾਰਾ 77(1) ਤਹਿਤ ਸਬੰਧਤ ਉਮੀਦਵਾਰ ਦੇ ਚੋਣ ਖਰਚ ਵਿੱਚ ਬੁੱਕ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਜੇਕਰ ਉਮੀਦਵਾਰ ਦੀ ਪ੍ਰਵਾਨਗੀ ਨਾਲ ਇਸ਼ਤਿਹਾਰ ਛੱਪੇਗਾ ਤਾਂ ਉਸ ਦਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਜੋੜ ਦਿੱਤਾ ਜਾਵੇਗਾ ਪਰ ਜੇਕਰ ਉਮੀਦਵਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਇਸ਼ਤਿਹਾਰਬਾਜ਼ੀ ਕਰੇਗਾ ਤਾਂ ਧਾਰਾ 171 ਐੱਚ ਤਹਿਤ ਪ੍ਰਕਾਸ਼ਕ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇਕਰ ਪ੍ਰਕਾਸ਼ਕ ਦੀ ਪਹਿਚਾਣ ਪ੍ਰਗਟ ਨਾ ਹੋ ਰਹੀ ਹੋਵੇ ਤਾਂ ਸਬੰਧਤ ਅਖ਼ਬਾਰ ਤੋਂ ਜਾਣਕਾਰੀ ਲੈਣ ਲਈ ਢੁੱਕਵੀਂ ਕਾਰਵਾਈ ਕੀਤੀ ਜਾ ਸਕੇਗੀ। ਉਨ੍ਹਾਂ ਨੇ ਜ਼ਿਲ੍ਹੇ ਦੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਇਸ਼ਤਿਹਾਰਬਾਜ਼ੀ ਦੀ ਪ੍ਰਕਾਸ਼ਨਾ ਤੋਂ ਪਹਿਲਾਂ ਸਬੰਧਤ ਉਮੀਦਵਾਰ ਦੀ ਲਿਖਤੀ ਪ੍ਰਵਾਨਗੀ ਲੈਣੀ ਯਕੀਨੀ ਬਣਾ ਲੈਣ।