ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਦੇ ਜੇਤੂਆਂ ਦਾ ਜ਼ਿਲਾ ਸਿੱਖਿਆ ਅਫਸਰ ਵੱਲੋਂ ਸਨਮਾਨ

SARAI
ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਦੇ ਜੇਤੂਆਂ ਦਾ ਜ਼ਿਲਾ ਸਿੱਖਿਆ ਅਫਸਰ ਵੱਲੋਂ ਸਨਮਾਨ

ਬਰਨਾਲਾ, 23 ਨਵੰਬਰ 2021

ਸਕੂਲ ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੈਸ਼ਨ 2020-21 ਦੌਰਾਨ  ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੇ ਜ਼ਿਲਾ ਪੱਧਰ ਦੇ ਜੇਤੂ ਵਿਦਿਆਰਥੀਆਂ ਨੂੰ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ :-ਡਾ. ਰੇਸ਼ਮ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਦਾ ਅਹੁੱਦਾ ਸੰਭਾਲਿਆ

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ  ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਜੀਵਨ, ਜੀਵਨ ਦਰਸ਼ਨ ਅਤੇ ਬਾਣੀ ’ਤੇ ਆਧਾਰਿਤ ਕਵਿਤਾ ਉਚਾਰਨ, ਗੀਤ ਗਾਇਨ, ਸਲੋਗਨ ਲਿਖਣ, ਸੁੰਦਰ ਲਿਖਾਈ, ਪੋਸਟਰ ਬਣਾਉਣ ਤੇ ਦਸਤਾਰ ਸਜਾਉਣ ਸਮੇਤ ਕਰਵਾਏ 11 ਵੱਖ ਵੱਖ ਵੰਨਗੀਆਂ ਦੇ ਆਨਲਾਈਨ ਮੁਕਾਬਲਿਆਂ ’ਚ ਜ਼ਿਲੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਨਾਂ ਮੁਕਾਬਲਿਆਂ ਵਿੱਚੋਂ ਜ਼ਿਲਾ ਪੱਧਰ ’ਤੇ ਪਹਿਲੀਆਂ ਪੰਜ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਬਲਾਕ ਪੱਧਰ ’ਤੇ ਸਮਾਗਮ ਕਰਵਾਏ ਗਏ।

ਬਲਾਕ ਬਰਨਾਲਾ ਦੇ ਸਕੂਲਾਂ ਨਾਲ ਸਬੰਧਿਤ ਜੇਤੂ ਵਿਦਿਆਰਥੀਆਂ ਦੇ ਸਨਮਾਨ ਲਈ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਵਿਖੇ ਸਮਾਗਮ ਕਰਵਾਇਆ ਗਿਆ ਅਤੇ ਮਹਿਲ ਕਲਾਂ ਬਲਾਕ ਦੇ ਵਿਦਿਆਰਥੀਆਂ ਦੇ ਸਨਮਾਨ ਲਈ ਮਹਿਲ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ। ਪਹਿਲੀ, ਦੂਜੀ, ਤੀਜੀ, ਚੌਥੀ ਤੇ ਪੰਜਵੀਂ ਪੁਜ਼ੀਸ਼ਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000, 1500, 1000 ਅਤੇ 500-500 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਰਨਾਲਾ ਰਮਨਦੀਪ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਹਿਲ ਕਲਾਂ ਗੁਰਗੀਤ ਸਿੰਘ, ਕੁਲਦੀਪ ਸਿੰਘ ਭੁੱਲਰ ਜ਼ਿਲਾ ਕੋ-ਆਰਡੀਨੇਟਰ ਪੜੋ ਪੰਜਾਬ, ਕੀਰਤੀ ਦੇਵ ਜ਼ਿਲਾ ਕੋ-ਆਰਡੀਨੇਟਰ ਐਮ.ਆਈ.ਐਸ ਤੇ ਜੇਤੂ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਹਾਜ਼ਰ ਸਨ।

ਕੈਪਸ਼ਨ: ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ।