ਸੀਨੀਅਰ ਮੈਡੀਕਲ ਅਫਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
ਨਵਾਂਸ਼ਹਿਰ, 13 ਅਕਤੂਬਰ 2021
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਹਰੇਕ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਨਿੱਕੇ ਬੱਚਿਆਂ ਨੂੰ 10 ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਗਿਆ।
ਹੋਰ ਪੜ੍ਹੋ :-ਰੇਲ ਮੰਤਰੀ ਨੂੰ ਮਿਲੇ ਐਮ.ਪੀ ਮਨੀਸ਼ ਤਿਵਾੜੀ; ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਦੀ ਕੀਤੀ ਮੰਗ
ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਚੱਲ ਰਹੇ ਮਮਤਾ ਦਿਵਸ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਖ਼ਾਸ ਕਰਕੇ ਗਰਭਵਤੀ ਔਰਤਾਂ ਅਤੇ ਨਿੱਕੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਸਿਹਤ ਸੰਭਾਲ ਕਾਮਿਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ, ਇਸ ਲਈ ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਨੂੰ ਸਮੇਂ ਸਿਰ ਟੀਕਾਕਰਨ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਗਰਭਵਤੀ ਔਰਤਾਂ ਨੂੰ ਕੋਰੋਨਾ ਕਾਲ ਵਿੱਚ ਆਪਣੀ ਮਾਨਸਿਕ ਸਿਹਤ ਉੱਤੇ ਵੀ ਧਿਆਨ ਦੇਣ ਲਈ ਕਿਹਾ।
ਡਾ ਸਿੰਘ ਨੇ ਦੱਸਿਆ ਕਿ ਮਮਤਾ ਦਿਵਸ ‘ਤੇ ਸਰਕਾਰੀ ਸਿਹਤ ਸੇਵਾਵਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਟੈਟਨੈੱਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ, ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ ਅਤੇ ਟੈਟਨੈੱਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ।
ਇਸ ਮੌਕੇ ਏ ਐੱਨ ਐੱਮ ਹਰਜਿੰਦਰ ਕੌਰ ਕੌਰ, ਕਮਲਜੀਤ ਕੌਰ, ਆਸ਼ਾ ਵਰਕਰ ਸੀਮਾ ਤੇ ਬਿਮਲਾ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਮੌਜੂਦ ਸਨ।