ਰੋਟਾਵੇਟਰ, ਹੈਪੀਸੀਡਰ ਤੇ ਹੱਲਾਂ ਨਾਲ ਪਰਾਲੀ ਦੀ ਕਰਦੇ ਹਨ ਸਾਂਭ-ਸੰਭਾਲ
ਗੁਰਦਾਸਪੁਰ, 4 ਅਕਤੂਬਰ 2021
ਨਾਨੋਵਾਲ ਖੁਰਦ ਦੇ ਅਗਾਂਹਵਧੂ ਕਿਸਾਨ ਹਰਨਾਮ ਸਿੰਘ ਵਲੋਂ ਪਿਛਲੇ 6 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ ਅਤੇ ਰੋਟਾਵੇਟਰ, ਹੈਪੀਸੀਡਰ ਅਤੇ ਹੱਲਾਂ ਨਾਲ ਪਰਾਲੀ ਨੂੰ ਖੇਤਾਂ ਵਿਚੋਂ ਬਾਹਰ ਕੱਢਕੇ ਅਗਲੀ ਫਸਲ ਦੀ ਬਿਜਾਈ ਕਰਦੇ ਹਨ।
ਹੋਰ ਪੜ੍ਹੋ :-ਤੀਜੇ ਰਾਸ਼ਟਰੀ ਜਲ ਪੁਰਸਕਾਰ ਲਈ ਕੇਂਦਰੀ ਟੀਮ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ
ਅਗਾਂਹਵਧੂ ਕਿਸਾਨ ਹਰਨਾਮ ਸਿੰਘ ਨੇ ਦੱਸਿਆ ਕਿ ਉਸਦੀ 03 ਏਕੜ ਜ਼ਮੀਨ ਹੈ ਅਤੇ ਉਸਨੇ ਪਿਛਲੇ 06 ਸਾਲਾਂ ਤੋਂ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾ ਕੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਅੱਗ ਨਾ ਲਾਉਣ ਕਰਕੇ ਜਿਥੇ ਫਸਲ ਦਾ ਝਾੜ ਵਧਿਆ ਹੈ, ਓਥੇ ਆਪਣੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੂੰ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨ ਵਿਚ ਯੋਦਗਾਨ ਪਾ ਰਿਹਾ ਹੈ।
ਕਿਸਾਨ ਹਰਨਾਮ ਸਿੰਘ ਨੇ ਅੱਗੇ ਦੱਸਿਆ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਇ, ਪਿਛਲੇ 06 ਸਾਲਾਂ ਤੋਂ ਹੈਪੀਸੀਡਰ ਅਤੇ ਸੁਪਰਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੀ ਜ਼ਮੀਨ ਵਿਚ ਮਿਲਾ ਕੇ ਅਗਲੀ ਫਸਲ ਦੀ ਬਿਜਾਈ ਕਰਦਾ ਹੈ। ਉਨਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ। ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ।
ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।