ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ
ਜ਼ਿਲੇ ਦੇ 64 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ: ਸਿਵਲ ਸਰਜਨ
ਬਰਨਾਲਾ, 25 ਫਰਵਰੀ 2022
ਜ਼ਿਲੇ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ 1 ਮਾਰਚ ਤੱਕ ਚਲਾਈ ਜਾਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜ਼ਾ ਲਿਆ।
ਹੋਰ ਪੜ੍ਹੋ :-ਅਕਾਲੀ ਆਗੂ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ: ਹਰਪਾਲ ਸਿੰਘ ਚੀਮਾ
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲੇ ਦੇ 64012 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜ਼ਿਲੇ ਭਰ ਵਿੱਚ 237 ਰੈਗੂਲਰ ਬੂਥ ਲਗਾਏ ਜਾਣਗੇ ਜਿਨਾਂ ’ਚੋਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਆਦਿ ’ਤੇ 9 ਟ੍ਰਾਂਜ਼ਿਟ ਬੂਥ ਲਗਾਏ ਜਾਣਗੇ ਅਤੇ ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਕਵਰ ਕਰਨ ਲਈ 12 ਮੋਬਾਈਲ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਫੈਕਟਰੀਆਂ, ਭੱਠਿਆਂ, ਉਸਾਰੀ ਅਧੀਨ ਇਮਾਰਤਾਂ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਉਨਾਂ ਦੱਸਿਆ ਕਿ ਮੁਹਿੰਮ ਦੀ ਨਿਗਰਾਨੀ ਲਈ 47 ਸੁਪਰਵਾਈਜ਼ਰ ਲਗਾਏ ਗਏ ਹਨ।
ਇਸ ਮੌਕੇ ਡਾ. ਨਿਵੇਦਿਤਾ ਸਰਵੀਲੈਂਸ ਮੈਡੀਕਲ ਅਫਸਰ ਡਬਲਿਊਐਚਓ ਨੇ ਦੱਸਿਆ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਬਣ ਚੁੱਕਾ ਹੈ, ਪਰ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਅਫਗਾਨਿਸਤਾਨ ’ਚ ਕੇਸ ਹੋਣ ਕਾਰਨ ਭਾਰਤ ’ਚ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨਾਂ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।